Home / Punjabi News / ਅਕਾਲੀਆਂ ਨੇ ਆਪਣੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ : ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਨੇ ਆਪਣੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ : ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਨੇ ਆਪਣੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ : ਕੈਪਟਨ ਅਮਰਿੰਦਰ ਸਿੰਘ

ਚਮਕੌਰ ਸਾਹਿਬ ਨੂੰ ਮਿਉਂਸਪਲ ਕਮੇਟੀ ਦਾ ਦਰਜਾ ਦੇਣ ਦਾ ਐਲਾਨ
ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲਜ਼ ਇੰਸਟੀਚਿੳੂਟ ਦਾ ਨੀਂਹ ਪੱਥਰ ਰੱਖਿਆ
ਸ੍ਰੀ ਚਮਕੌਰ ਸਾਹਿਬ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ’ਤੇ ਵਰਦਿਆਂ ਆਖਿਆ ਕਿ ਇਨਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ। ਇਸ ਮੌਕੇ ਉਨਾਂ ਨੇ ਸ੍ਰੀ ਚਮਕੌਰ ਸਾਹਿਬ ਨੂੰ ਮਿੳੂਂਸਪਲ ਕਮੇਟੀ ਦਾ ਦਰਜਾ ਦੇਣ ਦੀ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਇਲਾਕੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲਜ਼ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ। ਇਹ ਇੰਸਟੀਚਿਊਟ ਇੰਦਰ ਕੁਮਾਰ ਗੁਜਰਾਲ ਟੈਕਨੀਕਲ ਯੂਨੀਵਰਸਿਟੀ ਦਾ ਕਾਂਸਟੀਟੂਐਂਟ ਕਾਲਜ ਹੈ। ਇਹ ਪ੍ਰੋਜੈਕਟ ਪਵਿੱਤਰ ਸ਼ਹਿਰ ਸ੍ਰੀ ਚਮਕੌਰ ਸਾਹਿਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਦੀ ਉਲੀਕੀ ਹੋਈ ਯੋਜਨਾ ਦਾ ਹਿੱਸਾ ਹੈ।
ਮੁੱਖ ਮੰਤਰੀ ਨੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਂ ’ਤੇ ਸ਼ਹਿਰ ਵਿੱਚ ਦੋ ਗੇਟ ਉਸਾਰਨ ਦਾ ਵੀ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਦੀ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦਗਾਰ ਅਤੇ ਫਤਹਿਗੜ ਸਾਹਿਬ ਵਿੱਚ ਚਾਰ ਗੇਟ ਬਣਾਏ ਜਾਣ ਨੂੰ ਚੇਤੇ ਕਰਦਿਆਂ ਆਖਿਆ ਕਿ ਅਕਾਲੀਆਂ ਨੇ ਆਪਣੇ ਇਕ ਦਹਾਕੇ ਦੇ ਮਾੜੇ ਸ਼ਾਸਨਕਾਲ ਦੌਰਾਨ ਸਮਾਜ ਦੇ ਕਿਸੇ ਵੀ ਤਬਕੇ ਲਈ ਕੱਖ ਨਹੀਂ ਕੀਤਾ। ਉਨਾਂ ਕਿਹਾ ਕਿ ਅਕਾਲੀਆਂ ਨੇ ਤਾਂ ਸੂਬੇ ਦੇ ਅਰਥਚਾਰੇ ਦਾ ਵੀ ਭੱਠਾ ਬਿਠਾ ਕੇ ਰੱਖ ਦਿੱਤਾ।
ਮੁੱਖ ਮੰਤਰੀ ਨੇ 15.11 ਕਰੋੜ ਦੀ ਲਾਗਤ ਵਾਲੇ ਦੋ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਜਿਨਾਂ ਵਿੱਚ 11.50 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਅਤੇ ਬਾਹਰੀ ਦਿੱਖ ਸੰਵਾਰਨ ਦਾ ਪ੍ਰੋਜੈਕਟ ਅਤੇ 3.61 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਮਜ਼ਬੂਤ ਬਣਾਉਣ ਅਤੇ ਅੱਪਗ੍ਰੇਡ ਕਰਨ ਦਾ ਪ੍ਰੋਜੈਕਟ ਸ਼ਾਮਲ ਹੈ।
ਮੁੱਖ ਮੰਤਰੀ ਜੋ ਇਸ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ, ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੜਕਾਂ ਅਤੇ ਪਾਰਕਿੰਗ ਦੀ ਘਾਟ ਦਾ ਮਾਮਲਾ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਮੌਕੇ ਉਨਾਂ ਨੇ ਗਲਿਆਰਾ ਸਕੀਮ ਲਈ ਪਹਿਲਾਂ ਹੀ ਪ੍ਰਵਾਨਿਤ ਕੀਤੇ 11 ਕਰੋੜ ਰੁਪਏ ਤੋਂ ਇਲਾਵਾ ਚਾਰ ਕਰੋੜ ਰੁਪਏ ਹੋਰ ਦੇਣ ਦਾ ਐਲਾਨ ਕੀਤਾ।
ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਹੁਨਰਮੰਦ ਬਣਾਉਣ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਇੰਸਟੀਚਿਊਟ ਵੱਲੋਂ ਨੌਜਵਾਨਾਂ ਦੇ ਵਿਦਿਅਕ ਪਿਛੋਕੜ ਨੂੰ ਆਧਾਰ ਬਣਾਉਣ ਤੋਂ ਬਿਨਾਂ ਉਨਾਂ ਨੂੰ ਲੋੜੀਂਦਾ ਹੁਨਰ ਦਿੱਤਾ ਜਾਵੇਗਾ। ਇਸ ਇੰਸਟੀਚਿਊਟ ’ਤੇ 500 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸ ਵਿੱਚੋਂ 100 ਕਰੋੜ ਰੁਪਏ ਨਿਰਮਾਣ ਕਾਰਜਾਂ ’ਤੇ ਜਦਕਿ ਬਾਕੀ ਰਕਮ ਮਸ਼ੀਨਰੀ, ਸਾਜ਼ੋ-ਸਮਾਨ, ਫਰਨੀਚਰ ਅਤੇ ਹੋਰ ਬੁਨਿਆਦੀ ਢਾਂਚੇ ’ਤੇ ਖਰੀਦੀ ਜਾਵੇਗੀ। ਉਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਇਸ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇਵੇਗਾ ਅਤੇ ਨਿਰਮਾਣ ਨੂੰ ਪੜਾਅਵਾਰ ਮੁਕੰਮਲ ਕੀਤਾ ਜਾਵੇਗਾ।
ਸੂਬੇ ਵਿੱਚ ਉਦਯੋਗ ਦੀ ਪੁਨਰ-ਸੁਰਜੀਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਯੂਨਿਟਾਂ ਨੂੰ ਅਜਿਹੇ ਹੁਨਰਮੰਦ ਲੋਕਾਂ ਦੀ ਲੋੜ ਹੈ ਜਿਹੜੇ ਆਪਣੇ ਹੱਥੀਂ ਕੰਮ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੇਂ ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸਥਾਪਨਾ ਵਿੱਚ ਪੈਸੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਹੁਨਰ ਸਿਖਲਾਈ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਤਜਵੀਜ਼ਤ ਪੰਜਾਬ ਸਕਿੱਲ ਯੂਨੀਵਰਸਿਟੀ ਕੌਮੀ ਅਤੇ ਕੌਮਾਂਤਰੀ ਪੱਧਰ ਦੀ ਸਿਖਲਾਈ ਅਤੇ ਸਰਟੀਫਿਕੇਸ਼ਨ ਮੁਹੱਈਆ ਕਰਵਾਏਗੀ।
ਇਕ ਦਿਨ ਵਿੱਚ 1000 ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੀਤੇ ਦਿਨ ਹੀ 808 ਨੌਜਵਾਨਾਂ ਨੂੰ ਸਰਕਾਰੀ, ਪ੍ਰਾਈਵੇਟ ਅਤੇ ਸਵੈ-ਰੁਜ਼ਗਾਰ ਸਕੀਮਾਂ ਤਹਿਤ ਰੋਜ਼ਗਾਰ ਮੁਹੱਈਆ ਹੋਇਆ ਹੈ। ਆਪਣੇ ਪਿਛਲੇ ਕਾਰਜਕਾਲ ਦੌਰਾਨ ਸਾਲ 2006 ਵਿੱਚ ਸੂਬੇ ’ਚ ਸੰਪਰਕ ਸੜਕਾਂ ਦੀ ਪਿਛਲੀ ਵਾਰ ਕੀਤੀ ਮੁਰੰਮਤ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ 32000 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਇਸ ਸਾਲ 30000 ਕਰੋੜ ਰੁਪਏ ਹੋਰ ਖਰਚੇ ਜਾਣਗੇ।
ਹੋਰਾਂ ਪ੍ਰਾਜੈਕਟਾਂ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਸਵਦੇਸ਼ ਦਰਸ਼ਨ ਸਕੀਮ’ ਹੇਠ 11.50 ਕਰੋੜ ਰੁਪਏ ਦੀ ਲਾਗਤ ਨਾਲ ਇੱਥੋਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਵਿੱਚ ਮੋਰਿੰਡਾ-ਬੇਲਾ ਸੜਕ ਅਤੇ ਸੰਦੌਨ ਸੜਕ ਨੂੰ ਜੋੜਦੇ ਚੌਂਕ ਦਾ ਸੁੰਦਰੀਕਰਨ ਵੀ ਸ਼ਾਮਲ ਹੈ। ਇਸ ਤੋਂ ਇਲਾਵਾ 5 ਕਰੋੜ ਦੀ ਲਾਗਤ ਨਾਲ ਮੁਢਲੀਆਂ ਸਹੂਲਤਾਂ ਨਾਲ ਪਾਰਕਿੰਗ, 5 ਕਰੋੜ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਦੇ ਸਾਹਮਣੇ ਮਾਰਕੀਟ ਅਤੇ ਖੇਤਰ ਦੇ ਵਿਕਾਸ ਅਤੇ 1.20 ਕਰੋੜ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਪਾਰਕਿੰਗ ਅਤੇ ਇਸ ਸਥਾਨ ਦਾ ਵਿਕਾਸ ਕਰਨ ਸ਼ਾਮਲ ਹੈ।
ਉਨਾਂ ਨੇ 3.61 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ (ਸੈਕਸ਼ਨ-ਪਿੰਡ ਸਿੰਘ ਤੋਂ ਸ੍ਰੀ ਚਮਕੌਰ ਸਾਹਿਬ) ਦਾ ਪੱਧਰ ਉੱਚਾ ਚੁਕਣ ਅਤੇ ਮਜ਼ਬੂਤ ਬਣਾਉਣ ਲਈ ਵੀ ਨੀਂਹ ਪੱਥਰ ਰੱਖਿਆ ਜਿਸ ਦਾ ਕੰਮ 8 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ 14 ਕਰੋੜ ਰੁਪਏ ਦੀ ਲਾਗਤ ਨਾਲ ਥੀਮ ਪਾਰਕ ਮੁਕੰਮਲ ਕਰੇਗੀ। ਉਨਾਂ ਕਿਹਾ ਕਿ ਇਹ ਪਾਰਕ ਉਨਾਂ ਵੱਲੋਂ ਹੀ ਸਾਲ 2006 ਵਿੱਚ ਸ਼ੁਰੂ ਕੀਤਾ ਗਿਆ ਸੀ ਪਰ ਅਕਾਲੀ ਸਰਕਾਰ ਨੇ ਇਸ ਨੂੰ ਬੰਦ ਕਰਵਾ ਦਿੱਤਾ ਸੀ।
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ’ਤੇ ਚਾਣਨਾ ਪਾਇਆ। ਉਨਾਂ ਕਿਹਾ ਕਿ ਆਪਣੀ ਪਿਛਲੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇੱਥੋਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ ਅਤੇ ਇਸ ਨੂੰ ਸਬ-ਡਵੀਜ਼ਨ ਬਣਾਇਆ ਸੀ। ਉਨਾਂ ਨੇ ਮੁੱਖ ਮੰਤਰੀ ਨੂੰ ਇਸ ਖੇਤਰ ਵਿੱਚ ਤੁਪਕਾ ਸਿੰਚਾਈ ਪ੍ਰਾਜੈਕਟ ਸ਼ੁਰੂ ਕਰਨ ਲਈ ਅਪੀਲ ਕੀਤੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੀ.ਡਬਲਯੂ.ਡੀ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਵਾਸਤੇ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਹੈ ਕਿਉਂਕਿ ਅੱਜ ਇਥੋਂ ਦੇ ਵਿਕਾਸ ਕਾਰਜਾਂ ਵਾਸਤੇ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ 55 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਚਮਕੌਰ ਸਾਹਿਬ ਵਿਖੇ 400 ਕਿ.ਮੀ ਸੜਕਾਂ ਬਣਾਈਆਂ ਜਾ ਰਹੀਆਂ ਅਤੇ ਇਨਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਇਸ ਖਿੱਤੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਤੋਂ ਇਲਾਵਾ ਇਸ ਖੇਤਰ ਵਿੱਚ ਸਾਰੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਕਾਸ ਕਾਰਜਾਂ ਨੂੰ ਖੜੋਤ ਵਿੱਚ ਲਿਆਉਣ ਦੀ ਕੋਸ਼ਿਸ਼ ਕਰਨ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚਮਕੌਰ ਸਾਹਿਬ ਦੇ ਵਾਸਤੇ 20 ਕਰੋੜ, ਫਤਹਿਗੜ ਸਾਹਿਬ ਲਈ 20 ਕਰੋੜ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਲਈ 32 ਕਰੋੜ ਰੁਪਏ ਦੇ ਫੰਡ ਕੇਂਦਰ ਤੋਂ ਲਿਆਂਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਰਵੀਨ ਠੁਕਰਾਲ, ਵਿਧਾਇਕ ਦਰਸ਼ਨ ਲਾਲ ਮੰਗੂਪੂਰ ਅਤੇ ਗੁਰਪ੍ਰੀਤ ਸਿੰਘ ਜੀ.ਪੀ., ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਸੁਮਿਤ ਜਰੰਗਲ ਹਾਜ਼ਰ ਸਨ।

Check Also

ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਜੋਗਿੰਦਰ ਸਿੰਘ ਮਾਨ ਮਾਨਸਾ, 29 ਜੂਨ ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ …

WP2Social Auto Publish Powered By : XYZScripts.com