Home / Punjabi News / ਅਕਾਲ ਤਖਤ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਚਾਰ ਨੂੰ

ਅਕਾਲ ਤਖਤ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਚਾਰ ਨੂੰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 3 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਭਲਕੇ ਚਾਰ ਫਰਵਰੀ ਨੂੰ ਬਹਾਦਰਗੜ੍ਹ, ਪਟਿਆਲਾ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਿਤ ਰਹੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਿੱਤੀ ਹੈ। ਉਹ ਇਸ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਹਨ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿਚ ਉਨ੍ਹਾਂ ਤੋਂ ਇਲਾਵਾ ਕਮੇਟੀ ਦੇ ਮੈਂਬਰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਹ ਸਾਰੇ ਹੀ ਇਸ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਹਨ। ਇਸ ਸੱਤ ਮੈਂਬਰੀ ਕਮੇਟੀ ਦਾ ਐਲਾਨ ਸ਼੍ਰੀ ਅਕਾਲ ਤਖਤ ਦੀ ਫਸੀਲ ਤੋਂ 2 ਦਸੰਬਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਸੀ। ਸ੍ਰੀ ਵਡਾਲਾ ਨੇ ਦੱਸਿਆ ਕਿ ਇਹ ਮੀਟਿੰਗ ਭਲਕੇ ਚਾਰ ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਹੈ ਜਿਸ ਦਾ ਮੁੱਖ ਏਜੰਡਾ ਮੌਜੂਦਾ ਸਥਿਤੀ ਅਤੇ ਮੈਂਬਰਸ਼ਿਪ ਮੁਹਿੰਮ ਵਿੱਚ ਅਕਾਲ ਤਖਤ ਦੇ ਹੁਕਮਨਾਮੇ ਮੁਤਾਬਕ ਬਣਾਈ ਗਈ ਕਮੇਟੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਚਰਚਾ ਕਰਨਾ ਹੋਵੇਗਾ। ਇਸ ਕਮੇਟੀ ਵਿੱਚ ਸ਼ਾਮਿਲ ਲਗਪਗ ਸਾਰੇ ਹੀ ਮੈਂਬਰ ਇਸ ਗੱਲ ਦੇ ਧਾਰਨੀ ਹਨ ਕਿ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਕਮੇਟੀ ਦੀ ਅਗਵਾਈ ਹੇਠ ਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਹੋਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸ ਸਬੰਧੀ ਸੰਕੇਤ ਦਿੱਤਾ ਗਿਆ ਸੀ ਕਿ ਉਹ ਜਲਦੀ ਹੀ ਅਕਾਲ ਤਖਤ ਵੱਲੋਂ ਇਸ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਸੱਦਣਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸੱਤ ਮੈਂਬਰੀ ਕਮੇਟੀ ਨੂੰ ਅਣਦੇਖਿਆ ਕਰਦੇ ਹੋਏ 15 ਜਨਵਰੀ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜੋ 20 ਫਰਵਰੀ ਨੂੰ ਸਮਾਪਤ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਪਗ 25 ਲੱਖ ਮੈਂਬਰਾਂ ਦੀ ਭਰਤੀ ਸਬੰਧੀ ਬਣਾਈਆਂ ਗਈਆਂ ਰਸੀਦ ਬੁੱਕ ਹੁਣ ਤੱਕ ਵੰਡੀਆਂ ਜਾ ਚੁੱਕੀਆਂ ਹਨ।

ਵਡਾਲਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਮੈਂਬਰਸ਼ਿਪ ਭਰਤੀ ਮੁਹਿੰਮ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਅਧਿਕਾਰਤ ਮੰਨਿਆ ਜਾ ਸਕਦਾ ਹੈ। ਸ੍ਰੀ ਅਕਾਲ ਤਖਤ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਸਪਸ਼ਟ ਕੀਤਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਮੈਂਬਰਸ਼ਿਪ ਦੀ ਭਰਤੀ ਇਸ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਭਰਤੀ ਹੋਣ ਵਾਲੇ ਮੈਂਬਰ ਕੋਲੋਂ ਆਧਾਰ ਕਾਰਡ ਜਾਂ ਹੋਰ ਸ਼ਨਾਖਤੀ ਦਸਤਾਵੇਜ਼ ਲੈ ਕੇ ਸਹੀ ਢੰਗ ਨਾਲ ਭਰਤੀ ਕੀਤੀ ਜਾਵੇ।


Source link

Check Also

ISRO satellite faces technical glitch: ਇਸਰੋ ਦੇ ਨੇਵੀਗੇਸ਼ਨ ਸੈਟੇਲਾਈਟ ਵਿੱਚ ਤਕਨੀਕੀ ਖ਼ਰਾਬੀ

ਨਵੀਂ ਦਿੱਲੀ, 3 ਫਰਵਰੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਐੱਨਵੀਐੱਸ-02 ਨੈਵੀਗੇਸ਼ਨ ਸੈਟੇਲਾਈਟ ਨੂੰ ਜੀਓਸਿਨਕਰੋਨਸ …