ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 3 ਦਸੰਬਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲਾ ਸਥਿਤ ਸਰਕਾਰੀ ਸਕੂਲ ਅਤੇ ਜਲਾਲ ਉਸਮਾ ਪਿੰਡ ਵਿੱਚ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਦੋਵਾਂ ਸੰਸਥਾਵਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਦੇ ਵੇਰਵੇ ਲਏ। ਡੇਹਰੀਵਾਲਾ ਸਕੂਲ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡਾਂ ਅਤੇ ਸਹਾਇਕ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਲਈ। ਇਸ ਤੋਂ ਇਲਾਵਾ ਉਨ੍ਹਾਂ ਬੱਚਿਆਂ ਨੂੰ ਕਈ ਸਵਾਲ ਪੁੱਛ ਕੇ ਉਨ੍ਹਾਂ ਦੇ ਪੜ੍ਹਾਈ ਦੇ ਪੱਧਰ ਬਾਰੇ ਜਾਨਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੇਸ਼ ਭਰ ਦੀ ਅਗਵਾਈ ਕਰੇ ਅਤੇ ਇਸ ਲਈ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਸੁਧਾਰ ਵੱਡੇ ਪੱਧਰ ’ਤੇ ਹੋ ਰਹੇ ਹਨ ਪਰ ਇਸ ਵਿੱਚ ਪੂਰਨ ਕਾਮਯਾਬੀ ਵਿਦਿਆਰਥੀਆਂ ਦੀ ਇੱਛਾ ਅਤੇ ਮਾਪਿਆਂ ਦੇ ਸਹਿਯੋਗ ਤੋਂ ਬਿਨਾਂ ਹੋਣੀ ਅਸੰਭਵ ਹੈ। ਉਨ੍ਹਾਂ ਅਧਿਆਪਕਾਂ ਨਾਲ ਵੀ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਫੀਡਬੈਕ ਲਈ।
ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਜਲਾਲ ਉਸਮਾ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਦੌਰਾ ਕੀਤਾ ਅਤੇ ਉੱਥੇ ਇਲਾਜ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਡਾਕਟਰ ਅਤੇ ਪੈਰਾਮੈਡੀਕਲ ਸਟਾਫ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸਿਹਤ ਸਬੰਧੀ ਸਹੂਲਤਾਂ ਲਈ ਵਿਚਾਰ ਲਏ। ਇਸ ਮੌਕੇ ਸਰਪੰਚ ਪਰਮਿੰਦਰ ਸਿੰਘ, ਸਰਪੰਚ ਗੁਰਵੇਲ ਸਿੰਘ, ਸਰਪੰਚ ਲਖਵਿੰਦਰ ਸਿੰਘ, ਸਰਪੰਚ ਬੂਟਾ ਸਿੰਘ ਜਲਾਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Source link