
ਅੰਮ੍ਰਿਤਸਰ : ਪਾਕਿਸਤਾਨ ਵਾਲੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਬੰਦ ਹੋਣ ਦੀਆਂ ਖਬਰਾਂ ਦਾ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੰਡਨ ਕੀਤਾ ਹੈ। ਭਾਈ ਲੌਂਗੋਵਾਲ ਮੁਤਾਬਕ ਈਦ ਦੀ ਛੁੱਟੀ ਹੋਣ ਕਾਰਨ ਪਾਕਿ ਵਾਲੇ ਪਾਸੇ ਲਾਂਘੇ ਦਾ ਕੰਮ ਕੁਝ ਦਿਨਾਂ ਲਈ ਮੱਠਾ ਜ਼ਰੂਰ ਪਿਆ ਹੈ ਪਰ ਕੰਮ ਬੰਦ ਹੋਣ ਵਾਲੀ ਅਜਿਹੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਸ੍ਰੀ ਕਰਤਾਰਪੁਰ ਲਾਂਘੇ ਦਾ ਕੰਮ ਜਾਰੀ ਹੈ ਅਤੇ ਪਾਕਿਸਤਾਨ ਸਰਕਾਰ ਇਸ ਲਾਂਘੇ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਯਤਨ ਕਰ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਮੀਡੀਆ ‘ਚ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਭਾਰਤ ਵਲੋਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਕਾਰਨ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ ‘ਤੇ ਬ੍ਰੇਕ ਲੱਗ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਕ ਸ੍ਰੀ ਕਰਤਾਰਪੁਰ ਲਾਂਘੇ ਪ੍ਰਤੀ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਗੰਭੀਰ ਹਨ ਅਤੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਹ ਲਾਂਘਾ ਤਿਆਰ ਹੋ ਜਾਵੇਗਾ।