ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 25 ਜਨਵਰੀ
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਇੱਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆਂ ਸਿਰੋਪਾ ਭੇਟ ਕੀਤਾ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ, ਜਿਥੇ ਉਨ੍ਹਾਂ ਪੰਜਾਬ ਦੇ ਮਸਲਿਆਂ ਬਾਰੇ ਚਰਚਾ ਕੀਤੀ। ਕੇਂਦਰੀ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਇੱਥੇ ਤਖ਼ਤ ਸਾਹਿਬ ਵਿਖੇ ਲਗਾਏ ਗਏ ਕਾਊਂਟਰ ‘ਤੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਫਾਰਮ ਉਪਰ ਦਸਤਖਤ ਕੀਤੇ। ਇਸ ਉਪਰੰਤ ਉਨ੍ਹਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਮਾਲਵੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਸਥਾਨਕ ਗੁਰਦੁਆਰਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਮੱਥਾ ਟੇਕਣ ਗਏ। ਗੁਰਦੁਆਰੇ ਦੇ ਮੁੱਖ ਸੰਚਾਲਕ ਬਾਬਾ ਕਾਕਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਉਪਰੰਤ ਸ੍ਰੀ ਸ਼ੇਖਾਵਤ ਪਿੰਡ ਮਾਹੀਨੰਗਲ ਦੇ ਗਰੀਬ ਪਰਿਵਾਰ ਨਾਲ ਸਬੰਧਤ ਸਾਬਕਾ ਸਰਪੰਚ ਹਰਦੀਪ ਸਿੰਘ ਦੇ ਘਰ ਗਏ, ਜਿੱਥੇ ਉਨ੍ਹਾਂ ਦੁਪਹਿਰ ਦਾ ਖਾਣਾ ਖਾਧਾ। ਕੇਂਦਰੀ ਮੰਤਰੀ ਨਾਲ ਇਸ ਮੌਕੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਦਿਆਲ ਸੋਢੀ, ਜਗਦੀਪ ਸਿੰਘ ਨੱਕਈ, ਸੁਨੀਲ ਸਿੰਗਲਾ, ਅਸ਼ੋਕ ਭਾਰਤੀ, ਰਵੀਪ੍ਰੀਤ ਸਿੱਧੂ, ਗੋਪਾਲ ਕ੍ਰਿਸ਼ਨ, ਅਤੇ ਕਸ਼ਮੀਰ ਸਿੰਘ ਗੁਰੂਸਰ ਸੀਨੀਅਰ ਆਗੂਆਂ ਤੋਂ ਇਲਾਵਾ ਪਾਰਟੀ ਵਰਕਰ ਸ਼ਾਮਲ ਸਨ।
Source link