
ਜਲੰਧਰ — ਭਾਜਪਾ ਸੂਬਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੱਲੋਂ ਜਲੰਧਰ ਵਿਖੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸ਼ਵੇਤ ਮਲਿਕ ਨੇ ਪੰਜਾਬ ‘ਚ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸੂਬਾ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹੁਣ ਕਿਸ ਮੁੱਦੇ ‘ਤੇ ਚੋਣ ਲੜੇਗੀ ਕਿਉਂਕਿ ਇਹ ਸਰਕਾਰ ਹਰ ਇਕ ਮੁੱਦੇ ‘ਤੇ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪਹਿਲਾਂ ਵੀ ਸੂਬੇ ‘ਚ ਹੋਈਆਂ ਨਿਗਮ ਚੋਣਾਂ, ਪੰਚਾਇਤੀ ਚੋਣਾਂ ਅਤੇ ਉੱਪ ਚੋਣਾਂ ‘ਚ ਜਮ ਕੇ ਸਰਕਾਰੀ ਤੰਤਰ ਅਤੇ ਪ੍ਰਸ਼ਾਸਨ ਦੀ ਗਲਤ ਵਰਤੋਂ ਕਰਦੇ ਹੋਏ ਧਾਂਧਲੀ ਅਤੇ ਗੁੰਡਾਗਰਦੀ ਕੀਤੀ ਹੈ ਅਤੇ ਇਸ ਵਾਰ ਵੀ ਉਹ ਫਿਰ ਤੋਂ ਇਨ੍ਹਾਂ ਚੋਣਾਂ ‘ਚ ਭ੍ਰਿਸ਼ਟਾਚਾਰ ਕਰਨ ਦੀ ਰਣਨੀਤੀ ਤਿਆਰ ਕਰ ਚੁੱਕੀ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਚੋਣਾਂ ‘ਚ ਉਹ ਸਰਕਾਰ ਦੀ ਤਾਨਾਸ਼ਾਹੀ, ਗੁੰਡਾਗਰਦੀ ਨਹੀਂ ਚੱਲਣ ਦੇਣਗੇ।
ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਸੂਬੇ ‘ਚ ਪੈਰਾਮਿਲਟਰੀ ਫੋਰਸ ਲਗਾਉਣ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਬਾਦਲ ਪਰਿਵਾਰ ਨੂੰ ਬੇਅਦਬੀ ਮਾਮਲਿਆਂ ‘ਚ ਕਲੀਨ ਚਿਟ ਦੇਣ ਨੂੰ ਲੈ ਕੇ ਵਿਰੋਧੀਆਂ ਨੂੰ ਬਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਭ ਇਕ ਯੋਜਨਾ ਦੇ ਤਹਿਤ ਹੋ ਰਿਹਾ ਹੈ। ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਬਾਰੇ ਬੋਲਦੇ ਹੋਏ ਸ਼ਵੇਤ ਮਲਿਕ ਨੇ ਕਿਹਾ ਕਿ ਅੱਜ ਮੁਕੇਰੀਆਂ ਅਤੇ ਫਗਵਾੜਾ ਲਈ ਉਮੀਦਵਾਰਾਂ ਦੇ ਨਾਂਵਾਂ ਦੀ ਚੋਣ ਕਰਕੇ ਹਾਈਕਮਾਂਡ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਤਿੰਨ ਸਾਲਾਂ ਤੋਂ ਕੈਪਟਨ ਸਰਕਾਰ ਤੋਂ ਉਪਲੱਬਧੀਆਂ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕਰ ਰਹੇ ਹਨ ਪਰ ਆਪਣੇ ਮਹਿਲ ‘ਚ ਕੁੰਭਕਰਨ ਦੀ ਨੀਂਦ ਸੁੱਤੇ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਨਾ ਹੀ ਮੇਰੀ ਅਤੇ ਨਾ ਹੀ ਜਨਤਾ ਦੀ ਆਵਾਜ਼ ਪਹੁੰਚ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ‘ਚ ਤੇਲ ਮਾਫੀਆ, ਰੇਤ ਮਾਫੀਆ, ਸ਼ਰਾਬ ਮਾਫੀਆ ਅਤੇ ਦੋਸ਼ੀਆਂ ਦੇ ਦਬਾਅ ‘ਚ ਕੰਮ ਕਰ ਰਹੀ ਹੈ। ਕੈਪਟਨ ਸਰਕਾਰ ਨੇ ਪੰਜਾਬ ਨੂੰ ਕੰਗਾਲੀ ਦੀ ਕਗਾਰ ‘ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਸ ਮੌਕੇ ‘ਤੇ ਸੂਬਾ ਜਨਰਲ ਸਕੱਤਰ ਰਾਕੇਸ ਰਾਠੌਰ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਜ਼ਿਲਾ ਪ੍ਰਧਾਨ ਰਮਨ ਪੱਬੀ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ।