
ਪੰਚਕੂਲਾ-ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਮਾਮਲੇ ‘ਚ ਸੀ. ਬੀ. ਆਈ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਹਰਿਆਣਾ ਸਰਕਾਰ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਕਿਹਾ ਹੈ ਕਿ ਛੱਤਰਪਤੀ ਹੱਤਿਆ ਮਾਮਲੇ ‘ਚ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸ (ਵੀ.ਸੀ.) ਰਾਹੀਂ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਅਦਾਲਤ ਦੇ ਇਸ ਫੈਸਲੇ ਤੋਂ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।
ਜ਼ਿਕਰਯੋਗ ਹੈ ਕਿ 11 ਜਨਵਰੀ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਮਾਮਲੇ ‘ਚ ਸੀ. ਬੀ. ਆਈ. ਅਦਾਲਤ ਨੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦੋਸ਼ੀਆਂ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। 11 ਜਨਵਰੀ ਨੂੰ ਹੋਈ ਪੇਸ਼ੀ ‘ਚ ਰਾਮ ਰਹੀਮ ਨੂੰ ਵੀਡੀਓ ਕਾਨਫਰੰਸ ਰਾਹੀਂ ਹੀ ਫੈਸਲਾ ਸੁਣਾਇਆ ਸੀ। ਡੇਰਾ ਮੁਖੀ ਰਾਮ ਰਹੀਮ ਸਾਧਵੀਂ ਯੌਨ ਸ਼ੋਸ਼ਣ ਮਾਮਲੇ ‘ਚ ਸੁਨਾਰਿਆ ਜੇਲ ‘ਚ ਪਹਿਲਾਂ ਤੋਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।