ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 5 ਅਪਰੈਲ
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਲੋਕ ਸਭਾ ਚੋਣਾਂ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੋਟਾਂ ਮੰਗਣ ਆਉਣ ’ਤੇ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛੇ ਜਾਣ।
ਉਧਰ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੱਕਾ ਮੋਰਚਾ ਨੇੜੇ ਵਾਈਪੀਐੱਸ ਚੌਕ ’ਤੇ ਨਿਹੰਗ ਸਿੰਘ ਬਾਪੂ ਲਾਭ ਸਿੰਘ ਨੇ ਸਰਕਾਰੀ ਭਰੋਸੇ ਤੋਂ ਬਾਅਦ ਅੱਜ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ। ਇਸ ਸਬੰਧੀ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰਪਾਲ ਸਿੰਘ ਅਤੇ ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਮੌਕੇ ’ਤੇ ਪਹੁੰਚੇ ਅਤੇ ਬਾਪੂ ਲਾਭ ਸਿੰਘ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਦੋਵੇਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਾਪੂ ਲਾਭ ਸਿੰਘ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੁੱਖ ਮੰਤਰੀ ਤੱਕ ਪੁੱਜਦੀਆਂ ਕੀਤੀਆਂ ਜਾਣਗੀਆਂ। ਬਾਪੂ ਲਾਭ ਸਿੰਘ ਨੇ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰਪਾਲ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ। ਇਸ ਤੋਂ ਬਾਅਦ ਅਧਿਕਾਰੀਆਂ ਨੇ ਬਜ਼ੁਰਗ ਨਿਹੰਗ ਸਿੰਘ ਨੂੰ ਜੂਸ ਪਿਲਾ ਕੇ ਮਰਨ ਵਰਤ ਖ਼ਤਮ ਕਰਵਾਇਆ। ਜ਼ਿਕਰਯੋਗ ਹੈ ਕਿ ਬੀਤੀ 28 ਮਾਰਚ ਨੂੰ ਬੰਦੀ ਸਿੰਘ ਗੁਰਮੀਤ ਸਿੰਘ (ਜੋ ਪਿਛਲੇ ਸਾਲ ਜੂਨ ਤੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਸਨ) ਨੂੰ ਦੁਬਾਰਾ ਬੁੜੈਲ ਜੇਲ੍ਹ ਭੇਜੇ ਜਾਣ ਦੇ ਵਿਰੋਧ ਵਿੱਚ ਬਾਪੂ ਲਾਭ ਸਿੰਘ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਐਲਾਨ ਕੀਤਾ ਸੀ ਕਿ ਜਦੋਂ ਤੱਕ ਸਜਾਵਾਂ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਮਰਨ ਵਰਤ ਜਾਰੀ ਰੱਖਣਗੇ।
The post ਪੱਕਾ ਮੋਰਚਾ: ਸਰਕਾਰੀ ਭਰੋਸੇ ਮਗਰੋਂ ਬਾਪੂ ਲਾਭ ਸਿੰਘ ਨੇ ਮਰਨ ਵਰਤ ਖ਼ਤਮ ਕੀਤਾ appeared first on Punjabi Tribune.
Source link