
ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਣਹਾਨੀ ਕੇਸ ਵਿਚ ਅੱਜ ਅੰਮ੍ਰਿਤਸਰ ਦੀ ਜ਼ਿਲ•ਾ ਅਦਾਲਤ ਵਿਚ ਪੇਸ਼ ਹੋਏ। ਇਸ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਲਈ ਮਜੀਠੀਆ ਹੀ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਜਦੋਂ ਮੈਂ ਇਸ ਸਬੰਧੀ ਮਜੀਠੀਆ ਖਿਲਾਫ਼ ਆਵਾਜ਼ ਉਠਾਈ ਤਾਂ ਮੇਰੇ ਖਿਲਾਫ਼ ਕੇਸ ਦਰਜ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਮੈਂ ਡਰਨ ਵਾਲਾ ਨਹੀਂ ਹਾਂ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਤਿੰਨ ਮਹੀਨੇ ਰਹਿ ਗਏ ਹਨ ਅਤੇ ਇਸ ਦੌਰਾਨ ਜਾਂ ਤਾਂ ਮਜੀਠੀਆ ਮੈਨੂੰ ਗ੍ਰਿਫਤਾਰ ਕਰੇ ਜਾਂ ਸੱਤਾ ਵਿਚ ਆਉਣ ‘ਤੇ ਅਸੀਂ ਤਿੰਨ ਮਹੀਨੇ ਬਾਅਦ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕਰਾਂਗੇ।
ਇਸ ਤੋਂ ਇਲਾਵਾ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਪਸ ਵਿਚ ਮਿਲੇ ਹੋਣ ਦੇ ਦੋਸ਼ ਵੀ ਲਾਏ। ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ‘ਤੇ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਅਕਾਲੀ-ਭਾਜਪਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਬੰਦ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਸ਼ੀਸ਼ ਖੇਤਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੋਇਆ ਹੈ।