ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਅਕਤੂਬਰ
ਰਾਜਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੂੰ ਬੁੱਧਵਾਰ ਸ਼ਾਮ ਅਦਾਲਤ ਦੇ ਆਦੇਸ਼ਾਂ ਤਹਿਤ ਕੇਂਦਰੀ ਜੇਲ ਪਟਿਆਲਾ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਅੱਜ ਪੂਰੇ ਪੰਜ ਵਜੇ ਜਿਉਂ ਹੀ ਮਾਲੀ ਜੇਲ੍ਹ ਵਿੱਚੋਂ ਬਾਹਰ ਆਏ ਤਾਂ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ, ਉਨ੍ਹਾਂ ਦੇ ਭਰਾ ਰਣਜੀਤ ਸਿੰਘ ਗਰੇਵਾਲ ਸਮੇਤ ਕਈ ਹੋਰ ਕਿਸਾਨ ਆਗੂਆਂ ਤੇ ਜਮਹੂਰੀ ਅਧਿਕਾਰ ਸਭਾ ਦੇ ਕਾਰਕੁਨਾਂ ਨੇ ਮਾਲੀ ਦਾ ਨਿੱਘਾ ਸਵਾਗਤ ਕੀਤਾ। ਇਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਵੀ ਟੇਕਿਆ।
ਗ਼ੌਰਤਲਬ ਹੈ ਕਿ ਮਾਲੀ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਮੁਹਾਲੀ ਵਿਖੇ ਦਰਜ ਕੇਸ ਨੂੰ ਖਾਰਜ ਕਰਾਉਣ ਲਈ ਉਨ੍ਹਾਂ ਦੇ ਭਰਾ ਰਣਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਰਿਟ ਪਟੀਸ਼ਨ ਦਾਇਰ ਕੀਤੀ ਸੀ। ਇਸ ਦੀ ਸੁਣਵਾਈ ਕਰਦਿਆਂ 29 ਅਕਤੂਬਰ ਨੂੰ ਹਾਈ ਕੋਰਟ ਨੇ ਮਾਲੀ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੀ ਹਦਾਇਤ ਦਿੱਤੀ ਸੀ।
ਹਾਈ ਕੋਰਟ ਦੇ ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਹੀ ਅੱਜ ਸਬੰਧਤ ਅਦਾਲਤ ਵੱਲੋਂ ਉਨ੍ਹਾਂ ਨੂੰ ਰਿਹਾਅ ਕਰਨ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ। ਰਿਹਾਈ ਦੇ ਹੁਕਮ ਪਟਿਆਲਾ ਜੇਲ੍ਹ ਪ੍ਰਸ਼ਾਸਨ ਕੋਲੋਂ ਪੁੱਜਣ ਅਤੇ ਇਸ ਸਬੰਧੀ ਬਣਦੀ ਕਾਰਵਾਈ ਕਰਨ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਮਾਲੀ ਨੂੰ ਪੂਰੇ 5 ਵਜੇ ਰਿਹਾਅ ਕਰ ਦਿੱਤਾ।
ਉਨ੍ਹਾਂ ਦੇ ਸਵਾਗਤ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਅਤੇ ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਸਮੇਤ ਕਈ ਹੋਰ ਆਗੂ ਜੇਲ੍ਹ ਦੇ ਬਾਹਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਬਾਹਰ ਆਉਣ ’ਤੇ ਮਾਲੀ ਦਾ ਸਵਾਗਤ ਕੀਤਾ। ਫਿਰ ਉਹ ਕਾਫਲੇ ਦੇ ਰੂਪ ਵਿੱਚ ਮੱਥਾ ਟੇਕਣ ਲਈ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪੁੱਜੇ।
Source link