
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦੇ ਉਸ ਬਿਆਨ ਨੂੰ ਸਿਆਸੀ ਰੰਗਤ ਦੇ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਭਾਜਪਾ ਖ਼ਿਲਾਫ਼ ਸੂਬੇ ਵਿੱਚ ਸੰਘਰਸ਼ ਕਰਨ ਦੀ ਥਾਂ ਦਿੱਲੀ ਦੀਆਂ ਬਰੂਹਾਂ ‘ਤੇ ਜਾਰੀ ਰੋਸ ਪ੍ਰਦਰਸ਼ਨਾਂ ਵਿੱਚ ਹੀ ਹਿੱਸਾ ਲੈਣ। ਕੈਪਟਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਉਨ੍ਹਾਂ ਦੇ ਇਸ ਬਿਆਨ ਨੂੰ ਸੂਬੇ ਵਿੱਚ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਦਿੱਤਾ ਹੈ ਜੋ ਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਰੋਸ ਪ੍ਰਦਰਸ਼ਨਾਂ ਕਾਰਨ ਸੂਬਾ ਵਾਸੀਆਂ ਨੂੰ ਹੋਣ ਵਾਲੀਆਂ ਦਿੱਕਤਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੀ ਹੈ ਪਰ ਕਿਸਾਨਾਂ ਨੇ ਉਨ੍ਹਾਂ ਦੀ ਅਪੀਲ ਦਾ ਗਲਤ ਮਤਲਬ ਕੱਢਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਿੱਚ ਵੱਖਰੇਵੇਂ ਪਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਦੋਹਾਂ ਸੂਬਿਆਂ ਦੇ ਕਿਸਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਤਾਏ ਹੋਏ ਹਨ।
Source link