ਚੰਡੀਗੜ੍ਹ, 11 ਜੂਨ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਦੀਆਂ ਕਿਆਸ ਅਰਾਈਆਂ ਦਾ ਜਵਾਬ ਦਿੰਦਿਆਂ ਅੱਜ ਕਿਹਾ ਕਿ ਜੇਕਰ ਉਨ੍ਹਾਂ ਨੂੰ ਹਟਾਉਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ ਤਾਂ ਅਜਿਹਾ ਕਰ ਲੈਣਾ ਚਾਹੀਦਾ ਹੈ। ਜਾਖੜ ਦਾ ਇਹ ਬਿਆਨ ਅਜਿਹੇ ਮੌਕੇ ਆਇਆ ਹੈ ਜਦੋਂ ਪਾਰਟੀ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਕਾਂਗਰਸ ਵਿਚਲੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਆਪਣੀ ਇਕ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਹੈ। ਰਿਪੋਰਟ ਵਿੱਚ ਪਾਰਟੀ ‘ਚ ਸਾਰਿਆਂ ਨੂੰ ਢੁੱਕਵੀਂ ਪ੍ਰਤੀਨਿਧਤਾ ਦੇਣ ਦਾ ਸੁਝਾਅ ਦਿੱਤਾ ਗਿਆ ਹੈ। ਜਾਖੜ ਨੇ ਕਿਹਾ, ‘ਜੇ ਸੁਨੀਲ ਜਾਖੜ ਨੂੰ ਹਟਾਉਣ ਨਾਲ ਕਾਂਗਰਸ ਮਜ਼ਬੂਤ ਹੁੰਦੀ ਹੈ, ਤਾਂ ਇਹ ਕੰਮ ਅੱਜ ਹੀ ਕਰ ਲਿਆ ਜਾਵੇ।” ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਬਾਰੇ ਪੁੱਛਣ ‘ਤੇ ਜਾਖੜ ਨੇ ਕਿਹਾ ਕਿ ਸਿੱਧੂ ਨੂੰ ‘ਸਨਮਾਨਯੋਗ ਅਹੁਦਾ’ ਮਿਲਣਾ ਚਾਹੀਦਾ ਹੈ। ਜਾਖੜ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਖੜਗੇ ਕਮੇਟੀ ਦੀ ਰਿਪੋਰਟ ਬਾਰੇ ਕਿਆਸ ਨਾ ਲਾਉਣ ਤੇ ਰਿਪੋਰਟ ਆਉਣ ਦੀ ਉਡੀਕ ਕੀਤੀ ਜਾਵੇ। ਜਾਖੜ ਨੇ ਕਿਹਾ ਕਿ ਉਨ੍ਹਾਂ ਅਜੇ ਤੱਕ ਰਿਪੋਰਟ ਨਹੀਂ ਪੜ੍ਹੀ। -ਪੀਟੀਆਈ
Source link