ਨਵੀਂ ਦਿੱਲੀ, 2 ਮਈ
ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਰਾਜੋਆਣਾ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ ਕਿਉਂਕਿ ਉਸ ਨੇ ਲੰਬਾ ਸਮਾਂ (ਲਗਪਗ 26 ਸਾਲ) ਜੇਲ੍ਹ ਵਿਚ ਹੀ ਗੁਜ਼ਾਰ ਲਿਆ ਹੈ।
ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੇਸ ਦੇ ਦੂਜੇ ਸਹਿ-ਦੋਸ਼ੀਆਂ ਦੀਆਂ ਅਪੀਲਾਂ ਦਾ ਸੁਪਰੀਮ ਕੋਰਟ ਵਿੱਚ ਲੰਬਿਤ ਹੋਣਾ ਰਾਜੋਆਣਾ ਦੀ ਪਟੀਸ਼ਨ ਦਾ ਫੈਸਲਾ ਕਰਨ ਵਿੱਚ ਅਧਿਕਾਰੀਆਂ ਦੇ ਰਾਹ ਵਿੱਚ ਨਹੀਂ ਆਵੇਗਾ। ਪੰਜਾਬ ਪੁਲੀਸ ਦੇ ਇੱਕ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਵਿੱਚ ਬੇਅੰਤ ਸਿੰਘ ਅਤੇ 16 ਹੋਰਾਂ ਦੀ ਮੌਤ ਹੋ ਗਈ ਸੀ। ਸਿਖਰਲੀ ਅਦਾਲਤ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਦੱਸਣਾ ਬਣਦਾ ਹੈ ਕਿ ਇੱਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਇਸ ਕੇਸ ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
Source link