ਜੋਗਿੰਦਰ ਸਿੰਘ ਮਾਨ
ਮਾਨਸਾ, 20 ਸਤੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅੱਜ ਇਥੋਂ ਦੀ ਅਦਾਲਤ ਵਿੱਚ 24 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਪੇਸ਼ੀ ਭੁਗਤੀ। ਜੱਗੂ ਭਗਵਾਨਪੁਰੀਆ ਨੂੰ ਪੁਲੀਸ ਵੱਲੋਂ ਰਿਮਾਂਡ ’ਤੇ ਲਿਜਾਣ ਕਾਰਨ ਉਹ ਪੇਸ਼ੀ ਨਹੀਂ ਭੁਗਤ ਸਕਿਆ। ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 5 ਅਕਤੂਬਰ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਸਿੱਧੂ ਮੂਸੇਵਾਲਾ ਦਾ ਕਤਲ ਮਾਨਸਾ ਨੇੜੇ ਪਿੰਡ ਜਵਾਹਰਕੇ ਵਿਖੇ 29 ਮਈ 2022 ਨੂੰ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਸਮੇਤ 24 ਜਣਿਆਂ ਨੇ ਮਾਨਸਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਪੇਸ਼ੀ ਭੁਗਤੀ। ਇਹ ਪਹਿਲੀ ਵਾਰ ਹੈ ਕਿ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ ਹੈ।

ਇਸੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਪੇਸ਼ੀ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਵਿਸ਼ਵਾਸ ਹੈ ਅਤੇ ਆਸ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ। ਕਤਲ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 31 ਮੁਲਜ਼ਮਾਂ ਵਿਰੁੱਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ ਅਤੇ ਦਾਅਵਾ ਕੀਤਾ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਵਿਚਾਲੇ ਬਦਲੇ ਦੀ ਹੱਤਿਆ ਦੀ ਲੜੀ ਦਾ ਹਿੱਸਾ ਸੀ। ਕੁੱਲ 31 ਮੁਲਜ਼ਮਾਂ ਵਿੱਚੋਂ ਪੁਲੀਸ ਨੇ 27 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਫਰਵਰੀ ਵਿੱਚ ਗੋਇੰਦਵਾਲ ਜੇਲ੍ਹ ਵਿੱਚ ਝੜਪ ਦੌਰਾਨ ਮਾਰੇ ਗਏ ਸਨ। ਗੋਲਡੀ ਬਰਾੜ ਸਮੇਤ ਤਿੰਨ ਮੁਲਜ਼ਮ ਫ਼ਰਾਰ ਹਨ ਅਤੇ ਵਿਦੇਸ਼ ਵਿੱਚ ਦੱਸੇ ਜਾ ਰਹੇ ਹਨ। ਇਸ ਦੌਰਾਨ ਇੱਕ ਮੁਲਜ਼ਮ ਸਚਿਨ ਥਾਪਨ ਬਿਸ਼ਨੋਈ ਹੈ, ਜਿਸ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਅਜ਼ਰਬਾਇਜਾਨ ਤੋਂ ਲਿਆਂਦਾ ਗਿਆ ਸੀ ਤੇ ਉਹ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਹਿਰਾਸਤ ਵਿੱਚ ਹੈ। ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲੀਸ ਜਲਦੀ ਹੀ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆਵੇਗੀ।
The post ਸਿੱਧੂ ਮੂਸੇਵਾਲਾ ਕਤਲ ਮਾਮਲਾ: ਲਾਰੈਂਸ ਬਿਸ਼ਨੋਈ ਸਣੇ 24 ਮੁਲਜ਼ਮਾਂ ਨੇ ਮਾਨਸਾ ਦੀ ਅਦਾਲਤ ’ਚ ਪੇਸ਼ੀ ਭੁਗਤੀ appeared first on punjabitribuneonline.com.
Source link