
ਸ੍ਰੀਨਗਰ, 17 ਨਵੰਬਰ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਮਾਰੇ ਗਏ। ਇਕ ਹੋਰ ਥਾਂ ‘ਤੇ ਮੁਕਾਬਲੇ ਹਾਲੇ ਵੀ ਜਾਰੀ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲੇ ਪੋਮਬੇਅ ਅਤੇ ਗੋਪਾਲਪੋਰਾ ਇਲਾਕੇ ਵਿੱਚ ਹੋਏ। ਗੋਪਾਲਪੋਰਾ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਛਿਪੇ ਹੋਣ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਕਿ ਇਸੇ ਦੌਰਾਨ ਦਹਿਸ਼ਤਗਰਦਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸਰੁੱਖਿਆ ਬਲਾਂ ਵਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਦੋ ਦਹਿਸ਼ਤਗਰਦ ਮਾਰੇ ਗਏ। ਇਸੇ ਤਰ੍ਹਾਂ ਪੋਮਬੇਅ ਇਲਾਕੇ ਵਿਚ ਵੀ ਦਹਿਸ਼ਤਗਰਦਾਂ ਨਾਲ ਮੁਕਾਬਲਾ ਜਾਰੀ ਹੈ।
ਪੁਲਵਾਮਾ ਵਿੱਚ ਦਹਿਸ਼ਤਗਰਦਾਂ ਦੇ ਦੋ ਸਾਥੀ ਗ੍ਰਿਫ਼ਤਾਰ, ਆਈਈਡੀ ਬਰਾਮਦ
ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਵੱਡੀ ਦਹਿਸ਼ਤੀ ਕਾਰਵਾਈ ਨਾਕਾਮ ਕਰਦਿਆਂ ਲਸ਼ਕਰ ਦਹਿਸ਼ਤਗਰਦਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਆਈਈਡੀ ਬਰਾਮਦ ਕੀਤੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਆਮਿਰ ਬਸ਼ੀਰ ਅਤੇ ਮੁਖਤਾਰ ਭੱਟ ਵਜੋਂ ਹੋਈ ਹੈ। ਪੁਲੀਸ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ। -ਏਜੰਸੀ
Source link