Home / Punjabi News / ਕਾਂਗਰਸ ਦੇ ਹਲਕਾ ਇੰਚਾਰਜਾਂ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਕਾਂਗਰਸ ਦੇ ਹਲਕਾ ਇੰਚਾਰਜਾਂ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਕਾਂਗਰਸ ਦੇ ਹਲਕਾ ਇੰਚਾਰਜਾਂ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਚੰਡੀਗੜ੍ਹ –ਪਿਛਲੀ ਅਕਾਲੀ ਸਰਕਾਰ ਦੀ ਤਰਜ ਤੇ ਕਾਂਗਰਸ ਵੱਲੋਂ ਵੀ ਪੰਜਾਬ ਵਿੱਚ ਹਾਰੇ ਹੋਏ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਲਗਾ ਕੇ ਉਨ੍ਹਾਂ ਰਾਹੀਂ ਸਰਕਾਰੀ ਕਾਰਜ ਕਰਵਾਉਣ ਦਾ ਵਿਰੋਧ ਕਰਦਿਆਂ ਇਸ ਮੁੱਦੇ ਉੱਤੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ। ਇਸ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮੁੱਚੇ ਸੂਬੇ ਵਿੱਚ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਸਰਕਾਰੀ ਕੰਮਕਾਜ ਵਿਚ ਦਖ਼ਲਅੰਦਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਦਮਨ ਬਾਜਵਾ ਥਿੰਦ ਸਰਕਾਰੀ ਫ਼ੰਡਾਂ ਨੂੰ ਪਿੰਡ-ਪਿੰਡ ਜਾ ਕੇ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕੇ ਡੀ.ਸੀ. ਸੰਗਰੂਰ ਵੱਲੋਂ ਜਾਰੀ ਕੀਤੇ ਸਰਕਾਰੀ ਪੱਤਰਾਂ ਵਿੱਚ ਵੀ ਉਨ੍ਹਾਂ ਨੂੰ ਹਲਕਾ ਇੰਚਾਰਜ ਦੇ ਅਹੁਦੇ ਨਾਲ ਨਿਵਾਜਿਆ ਜਾਂਦਾ ਹੈ ਅਤੇ ਸਰਕਾਰੀ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਚੁਣੇ ਹੋਏ ਵਿਧਾਇਕ ਨਾਲੋਂ ਵੱਧ ਅਧਿਕਾਰ ਦਿੱਤੇ ਜਾਂਦੇ ਹਨ। ਅਰੋੜਾ ਨੇ ਕਿਹਾ ਕਿ ਸਰਕਾਰ ਹਲਕਾ ਇੰਚਾਰਜ ਸਿਸਟਮ ਨੂੰ ਲਾਗੂ ਕਰ ਕੇ ਲੱਖਾਂ ਲੋਕਾਂ ਦੁਆਰਾ ਚੁਣੇ ਗਏ ਨੁਮਾਇੰਦੇ ਅਤੇ ਹਲਕੇ ਦੇ ਵੋਟਰਾਂ ਦੀ ਤੌਹੀਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਉੱਤੇ ਵਿਧਾਨ ਸਭਾ ਦੇ ਹਾਊਸ ਵਿੱਚ ਝੂਠ ਬੋਲਣ ਦਾ ਇਲਜ਼ਾਮ ਲਗਾਉਂਦਿਆਂ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਵਾਅਦਾ ਕੀਤਾ ਸੀ ਕਿ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਦਿੱਤੀ ਜਾਣ ਵਾਲੀ ਪੰਜ ਕਰੋੜ ਦੀ ਰਾਸ਼ੀ ਵਿਧਾਇਕਾਂ ਨੂੰ ਨਾ ਦੇ ਕੇ ਡਿਪਟੀ ਕਮਿਸਨਰਾਂ ਰਾਹੀਂ ਵੰਡੀ ਜਾਵੇਗੀ ਪ੍ਰੰਤੂ ਅਖਬਾਰਾਂ ਵਿੱਚ ਛਪੀਆਂ ਖ਼ਬਰਾਂ ਮੁਤਾਬਿਕ ਹਾਰੇ ਹੋਏ ਕਾਂਗਰਸੀ ਉਮੀਦਵਾਰ ਇਹ ਰਾਸ਼ੀ ਵੰਡ ਰਹੇ ਹਨ।
ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਰੋਪੜ ਹਲਕੇ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮ ਖ਼ਾਸ ਹਾਰੇ ਹੋਏ ਕਾਂਗਰਸੀ ਉਮੀਦਵਾਰ ਸਰਕਾਰੀ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਕਰ ਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਤਾਕਤਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਕਾਂਗਰਸ ਨੇ ਅਕਾਲੀ ਦਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਹਾਰੇ ਹੋਏ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਜੱਸੀ ਹਲਕੇ ਵਿਚ ਵਿਧਾਇਕ ਵਜੋਂ ਵਿਚਰ ਰਹੇ ਹਨ ਅਤੇ ਸਰਕਾਰੀ ਪੈਸੇ ਦੀ ਵੰਡ ਕਰ ਰਹੇ ਹਨ। ਆਪ ਵਿਧਾਇਕਾਂ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ਉੱਥੇ ਫ਼ੌਰੀ ਐਕਸਨ ਲੈਂਦਿਆਂ ਪੰਜਾਬ ਵਿੱਚੋਂ ਹਲਕਾ ਇੰਚਾਰਜ ਸਿਸਟਮ ਖ਼ਤਮ ਕਰਨ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …