Home / Punjabi News / ਦਿੱਲੀ ਕਮੇਟੀ ਨੂੰ ਨਗਰ ਕੀਰਤਨ ਨਨਕਾਣਾ ਸਾਹਿਬ ਲਿਜਾਣ ਦੀ ਮਿਲੀ ਇਜਾਜ਼ਤ

ਦਿੱਲੀ ਕਮੇਟੀ ਨੂੰ ਨਗਰ ਕੀਰਤਨ ਨਨਕਾਣਾ ਸਾਹਿਬ ਲਿਜਾਣ ਦੀ ਮਿਲੀ ਇਜਾਜ਼ਤ

ਦਿੱਲੀ ਕਮੇਟੀ ਨੂੰ ਨਗਰ ਕੀਰਤਨ ਨਨਕਾਣਾ ਸਾਹਿਬ ਲਿਜਾਣ ਦੀ ਮਿਲੀ ਇਜਾਜ਼ਤ

ਜਲੰਧਰ — ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ, ਜੋ 28 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਲਈ ਰਵਾਨਾ ਹੋਣਾ ਹੈ, ਦੀ ਕੇਂਦਰ ਸਰਕਾਰ ਨੇ ਦਿੱਲੀ ਕਮੇਟੀ ਨੂੰ ਇਜਾਜ਼ਤ ਦੇ ਦਿੱਤੀ ਹੈ ਅਤੇ ਨਗਰ ਕੀਰਤਨ ‘ਚ 550 ਸ਼ਰਧਾਲੂਆਂ ਦੇ ਨਗਰ ਕੀਰਤਨ ‘ਚ ਸ਼ਾਮਲ ਹੋ ਕੇ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਹੋਏ ਨਗਰ ਕੀਰਤਨ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਵਾਨਾ ਹੋ ਕੇ ਸ਼ੰਕਰ ਰੋਡ, ਮੋਤੀ ਨਗਰ, ਰਾਜਾ ਗਾਰਡਨ, ਤਿਲਕ ਨਗਰ, ਜਨਕਪੁਰੀ ਤੋਂ ਹੁੰਦੇ ਹੋਏ ਸੀ. ਆਰ. ਪੀ. ਐੱਫ. ਕੈਂਪ ਪੱਛਮ ਵਿਹਾਰ, ਗੁਰੂ ਹਰਿਕ੍ਰਿਸ਼ਨ ਨਗਰ, ਪੀਰਾਗੜ੍ਹੀ ਚੌਕ ਤੋਂ ਹੋ ਕੇ ਪਾਨੀਪਤ, ਕਰਨਾਲ ਤੋਂ ਚੱਲ ਕੇ ਕੁਰੂਕਸ਼ੇਤਰ ‘ਚ ਪਹਿਲਾ ਪੜਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਪੜਾਅ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਤੀਜਾ ਪੜਾਅ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 1 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਵਾਹਗਾ ਬਾਰਡਰ ਤੋਂ ਨਨਕਾਣਾ ਸਾਹਿਬ, ਡੇਰਾ ਸਾਹਿਬ ਪਹੁੰਚੇਗਾ ਅਤੇ 2 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਸਮਾਗਮ ਹੋਣਗੇ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਨੇ ਸਾਂਝੇ ਤੌਰ ‘ਤੇ ਨਗਰ ਕੀਰਤਨ ਦਿੱਲੀ ਤੋਂ ਪਾਕਿਸਤਾਨ ਲਿਜਾਣ ਲਈ ਮਾਰਚ ਮਹੀਨੇ ‘ਚ ਹੀ ਅਪਲਾਈ ਕਰ ਦਿੱਤਾ ਸੀ ਅਤੇ ਹੁਣ ਕੇਂਦਰ ਸਰਕਾਰ ਨੇ ਸਾਰੀਆਂ ਪ੍ਰਵਾਨਗੀਆਂ ਲੈਣ ਤੋਂ ਬਾਅਦ ਸਾਨੂੰ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਇਕ ਸੋਨੇ ਦੀ ਪਾਲਕੀ ਤਿਆਰ ਕਰਵਾਈ ਜਾ ਰਹੀ ਹੈ, ਜੋ ਨਗਰ ਕੀਰਤਨ ਸਮੇਂ ਇਕ ਵਿਸ਼ੇਸ਼ ਬੱਸ ‘ਚ ਚੱਲੇਗੀ ਅਤੇ ਸੰਗਤਾਂ ਪਾਲਕੀ ਸਾਹਿਬ ਦੇ ਦਰਸ਼ਨ ਕਰਨਗੀਆਂ ਅਤੇ ਇਹ ਪਾਲਕੀ ਗੁ. ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਜਾਣੀ ਹੈ।
ਦਿੱਲੀ ਕਮੇਟੀ ਪ੍ਰਧਾਨ ਨੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਗੱਲ ਬੜੇ ਅਫਸੋਸ ਨਾਲ ਕਹਿਣੀ ਪੈ ਰਹੀ ਹੈ ਕਿ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜੋ ਪਿਛਲੇ ਸਮੇਂ ਦੌਰਾਨ ਦੋ ਸੰਗਰਾਂਦਾਂ, ਦੋ ਸ਼ਹੀਦੀ ਦਿਹਾੜੇ ਅਤੇ ਦੋ ਪ੍ਰਕਾਸ਼ ਪੁਰਬ ਮਨਾਉਣ ਦੌਰਾਨ ਸੰਗਤਾਂ ਨੂੰ ਦੋਫਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਨਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੱਦਾ ਪੱਤਰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਸਲ ‘ਚ ਉਨ੍ਹਾਂ ਨੇ ਅੱਜ ਤੱਕ ਨਗਰ ਕੀਰਤਨ ਦੀ ਇਜਾਜ਼ਤ ਲਈ ਕੇਂਦਰ ਸਰਕਾਰ ਕੋਲ ਅਪਲਾਈ ਵੀ ਨਹੀਂ ਕੀਤਾ।
ਸਿਰਸਾ ਨੇ ਕਿਹਾ ਕਿ ਨਗਰ ਕੀਰਤਨ ਪਾਕਿਸਤਾਨ ਲਿਜਾਣ ਵਾਸਤੇ ਸਭ ਤੋਂ ਪਹਿਲਾਂ ਇਜਾਜ਼ਤ ਕੇਂਦਰ ਸਰਕਾਰ ਤੋਂ ਲੈਣੀ ਲਾਜ਼ਮੀ ਹੈ ਅਤੇ ਉਸ ਤੋਂ ਬਾਅਦ ਦਿੱਲੀ ਸਰਕਾਰ, ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਤੋਂ ਇਜਾਜ਼ਤ ਲੈ ਕੇ ਦੇਣ ਦਾ ਕੰਮ ਕੇਂਦਰ ਸਰਕਾਰ ਦਾ ਹੈ। ਦਿੱਲੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅਸੀਂ ਇਹ ਇਜਾਜ਼ਤ ਕੇਂਦਰ ਸਰਕਾਰ ਤੋਂ ਪ੍ਰਾਪਤ ਕਰ ਲਈ ਹੈ।
ਸਿਰਸਾ ਨੇ ਕਿਹਾ ਕਿ ਇਹ ਨਗਰ ਕੀਰਤਨ ਜੋ ਅਸੀਂ ਲੈ ਕੇ ਜਾ ਰਹੇ ਹਾਂ, ਇਹ ਕੋਈ ਵਿਅਕਤੀ ਵਿਸ਼ੇਸ਼ ਨਹੀਂ ਲਿਜਾ ਰਿਹਾ ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸ਼ਰਧਾਲੂ ਨਗਰ ਕੀਰਤਨ ‘ਚ ਸ਼ਾਮਲ ਹੋਣਾ ਚਾਹੁੰਦਾ ਹੈ, ਉਹ ਆਪਣਾ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦਿੱਲੀ ਕਮੇਟੀ ਕੋਲ 30 ਜੁਲਾਈ ਤੱਕ ਜਮ੍ਹਾ ਕਰਵਾ ਸਕਦਾ ਹੈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਹੋਰ ਵੀ ਹਾਜ਼ਰ ਸਨ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …