Home / Punjabi News / ਦਿੱਲੀ ਬਾਰਡਰਾਂ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਦਿੱਲੀ ਬਾਰਡਰਾਂ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਦਿੱਲੀ ਬਾਰਡਰਾਂ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 23 ਮਾਰਚ

ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ, ਰੁਜ਼ਗਾਰ ਤੇ ਰੋਟੀ ਖੋਹਣ ਦੇ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਜਾਤਾਂ, ਧਰਮਾਂ ਤੇ ਫਿਰਕਿਆਂ ਤੋਂ ਉੱਪਰ ਉੱਠ ਕੇ ਵਿਸ਼ਾਲ ਕਿਸਾਨ ਲਹਿਰ ਦੀ ਉਸਾਰੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਟਿਕਰੀ ਬਾਰਡਰ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ ਨੌਜਵਾਨਾਂ ਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਹ ਗੱਲ ਕਹੀ। ਉਨ੍ਹਾਂ ਐਲਾਨ ਕੀਤਾ ਕਿ ਆਪਣੇ ਕੌਮੀ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਕਾਨੂੰਨਾਂ ਦੀ ਵਾਪਸੀ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਬਰਤਨਾਵੀ ਸਾਮਰਾਜ ਤੋਂ ਵਿਰਾਸਤ ‘ਚ ਹਾਸਲ ਕੀਤੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ‘ਤੇ ਚੱਲ ਰਹੀ ਹੈ। ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਤੇ ਪੀਐੱਸਯੂ ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਆਖਿਆ ਕਿ ਮੋਦੀ ਸਰਕਾਰ ਸਮੇਤ ਹੁਣ ਤੱਕ ਦੀਆਂ ਸਭ ਸਰਕਾਰਾਂ ਵੱਲੋਂ ਸਾਮਰਾਜ ਤੇ ਸਰਮਾਏਦਾਰਾਂ ਪੱਖੀ ਨੀਤੀਆਂ ਲਾਗੂ ਕਰਨ ਦੇ ਸਿੱਟੇ ਵਜੋਂ ਨੌਜਵਾਨ ਬੇਰੁਜ਼ਗਾਰੀ ਤੇ ਅਨਪੜ੍ਹਤਾ ਦਾ ਸੰਤਾਪ ਹੰਢਾ ਰਹੇ ਹਨ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ 1947 ਦੀ ਸੱਤਾ ਬਦਲੀ ਦੇ 74 ਵਰ੍ਹਿਆਂ ਬਾਅਦ ਵੀ ਤਰੱਕੀ ਤੇ ਖੁਸ਼ਹਾਲੀ ਦੀ ਥਾਂ ਦੇਸ਼ ਗ਼ਰੀਬੀ, ਮਹਿੰਗਾਈ,ਬੇਰੁਜ਼ਗਾਰੀ, ਕਰਜ਼ੇ ਤੇ ਖੁਦਕੁਸ਼ੀਆਂ ਵਰਗੀਆਂ ਸਮੱਸਿਆਵਾਂ ਦਾ ਸੰਤਾਪ ਹੰਢਾ ਰਿਹਾ ਹੈ। ਮਹਿਲਾ ਕਿਸਾਨ ਆਗੂ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਨੂੰ ਅੱਗੇ ਵਧਾਉਣ ਲਈ ਜਗੀਰੂ ਮਾਨਸਿਕਤਾ ਤੋਂ ਖਹਿੜਾ ਛੁੜਾ ਕੇ ਔਰਤਾਂ ਨੂੰ ਕਿਸਾਨ ਲਹਿਰ ਦੀਆਂ ਸਫ਼ਾਂ ‘ਚ ਹੋਰ ਵਧੇਰੇ ਸ਼ਮੂਲੀਅਤ ਕਰਾਉਣ ਦੀ ਲੋੜ ਹੈ। ਨੌਜਵਾਨ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਕਿਸਾਨ ਸੰਘਰਸ਼ ਕਮੇਟੀ ਤਰਨਤਾਰਨ ਦੇ ਆਗੂ ਹੁਸ਼ਿਆਰ ਸਿੰਘ ਨੇ ਸੰਬੋਧਨ ਕੀਤਾ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …