Home / Punjabi News / ਪ੍ਰਕਾਸ਼ ਪੁਰਬ: ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ: ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 27 ਨਵੰਬਰ

ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਚ ਅੱਜ ਦੁਪਹਿਰ ਵੇਲੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਾਲੀ ਪਾਲਕੀ ਇੱਕ ਬੱਸ ਵਿੱਚ ਸੁਸ਼ੋਭਿਤ ਕੀਤੀ ਗਈ ਸੀ, ਜਿਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਫੁੱਲਾਂ ਨਾਲ ਲੱਦੀ ਇਹ ਬੱਸ ਖਿੱਚ ਦਾ ਕੇਂਦਰ ਬਣੀ ਹੋਈ ਸੀ ਅਤੇ ਸੰਗਤ ਪਾਵਨ ਸਰੂਪ ਨੂੰ ਨਤਮਸਤਕ ਹੋ ਰਹੀ ਸੀ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘਦਾ ਹੋਇਆ ਮੁੜ ਗੁਰਦੁਆਰੇ ਆ ਕੇ ਸੰਪੂਰਨ ਹੋਇਆ। ਇਸ ਦੌਰਾਨ ਬਾਜ਼ਾਰਾਂ ਵਿੱਚ ਸੜਕ ਉਪਰ ਲਾਲ ਗਲੀਚਾ ਵਿਛਾਇਆ ਹੋਇਆ ਸੀ। ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਨਾਲ ਅਲੌਕਿਕ ਨਜ਼ਾਰਾ ਬਣਿਆ ਹੋਇਆ ਸੀ।
ਜਾਣਕਾਰੀ ਅਨੁਸਾਰ ਅੱਜ ਦੇ ਮੁੱਖ ਸਮਾਗਮ ਵਿੱਚ ਪਾਕਿਸਤਾਨ ਔਕਾਫ ਬੋਰਡ ਦੇ ਉੱਚ ਅਧਿਕਾਰੀ ਅਤੇ ਪੀਐੱਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਸਮੇਤ ਸਾਬਕਾ ਪ੍ਰਧਾਨ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਲ ਸਨ। ਇਸ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣ ਲਈ ਭਾਰਤ ਤੋਂ ਪੁੱਜੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ ਅਤੇ ਸੰਗਤ ਨੂੰ ਇਸ ਗੁਰਪੁਰਬ ਦੀ ਵਧਾਈ ਦਿੱਤੀ। ਇਸ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਗਈ ਸੀ। ਸ਼ਾਮ ਨੂੰ ਆਤਿਸ਼ਬਾਜ਼ੀ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਵੀ ਲਗਪਗ 2000 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ ਹੋਇਆ ਹੈ।

The post ਪ੍ਰਕਾਸ਼ ਪੁਰਬ: ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …