Home / Punjabi News / ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਲਈ ਕੰਟਰੋਲ ਰੂਮ ਸਥਾਪਤ ਕੀਤਾ

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਲਈ ਕੰਟਰੋਲ ਰੂਮ ਸਥਾਪਤ ਕੀਤਾ

ਚੰਡੀਗੜ੍ਹ, 18 ਜੁਲਾਈ
ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 _ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਗਾ ਰਹੀ ਹੈ। ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ।
ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।

The post ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਲਈ ਕੰਟਰੋਲ ਰੂਮ ਸਥਾਪਤ ਕੀਤਾ appeared first on punjabitribuneonline.com.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …