Home / Punjabi News / ਪੰਜਾਬ ਸਰਕਾਰ ਵੱਲੋਂ ਕਪੂਰਥਲਾ ’ਚ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ: ਅਰੋੜਾ

ਪੰਜਾਬ ਸਰਕਾਰ ਵੱਲੋਂ ਕਪੂਰਥਲਾ ’ਚ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ: ਅਰੋੜਾ

ਚੰਡੀਗੜ੍ਹ, 11 ਦਸੰਬਰ
ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਐਂਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ। ਇਹ ਫੈਸਲਾ ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ। ਸ੍ਰੀ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐੱਫ) ਅਤੇ ਪੰਜਾਬ ਪੁਲੀਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐੱਨਡੀਏ ਜਾਂ ਸੀਡੀਐੱਸ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐੱਸਐੱਸਬੀ) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇਸੀਬੀ/ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਪੰਜਾਬ ਸਰਕਾਰ ਵੱਲੋਂ ਕਪੂਰਥਲਾ ’ਚ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ: ਅਰੋੜਾ appeared first on punjabitribuneonline.com.


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …