Home / Punjabi News / ਮਨੁੱਖੀ ਤਸਕਰੀ ਕਰਨ ਵਾਲੇ ਗਰੋਹ ਦੇ 5 ਮੈਂਬਰ ਗ੍ਰਿਫ਼ਤਾਰ

ਮਨੁੱਖੀ ਤਸਕਰੀ ਕਰਨ ਵਾਲੇ ਗਰੋਹ ਦੇ 5 ਮੈਂਬਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ/ਸ਼ਸ਼ੀ ਪਾਲ ਜੈਨ

ਐਸ.ਏ.ਐਸ. ਨਗਰ (ਮੁਹਾਲੀ)/ਖਰੜ, 25 ਜਨਵਰੀ

ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਕੌਮਾਂਤਰੀ ਮਨੁੱਖੀ ਤਸਕਰੀ ਦੇ ਮਾਮਲੇ ‘ਚ ਦੋ ਔਰਤਾਂ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 2 ਕਰੋੜ 13 ਲੱਖ ਰੁਪਏ ਦੀ ਨਗਦੀ ਅਤੇ ਕਰੀਬ 64 ਤੋਲੇ ਸੋਨਾ ਅਤੇ ਚਾਰ ਲਗਜ਼ਰੀ ਗੱਡੀਆਂ (ਸਵਿਫ਼ਟ, ਫੀਗੋ, ਤਾਈਗੁਨ ਅਤੇ ਥਾਰ) ਵੀ ਬਰਾਮਦ ਕੀਤੀਆਂ ਹਨ।

ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਅੱਜ ਇੱਥੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਬਲਦੀਸ਼ ਕੌਰ ਵਾਸੀ ਪਿੰਡ ਰਾਊਵਾਲੀ (ਜਲੰਧਰ), ਗੁਰਜੀਤ ਸਿੰਘ ਉਰਫ਼ ਮੰਗਾ ਵਾਸੀ ਪਿੰਡ ਮੱਲੀਆਂ (ਜਲੰਧਰ), ਸਾਹਿਲ ਭੱਟੀ, ਸੋਮ ਰਾਜ ਅਤੇ ਵੀਨਾ ਸਾਰੇ ਵਾਸੀ ਪਿੰਡ ਸਲੈਰੀਆ ਖ਼ੁਰਦ (ਹੁਸ਼ਿਆਰਪੁਰ) ਦੀ ਚੱਲ ਅਤੇ ਅਚੱਲ ਜਾਇਦਾਦ, ਬੈਂਕ ਲਾਕਰਾਂ ਅਤੇ ਬੈਂਕ ਖਾਤਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਐੱਸਐੱਸਪੀ ਮੁਤਾਬਕ ਉਕਤ ਮੁਲਜ਼ਮਾਂ ਨੂੰ ਬਲੌਂਗੀ ਅਤੇ ਖਰੜ ਸਦਰ ਥਾਣੇ ਵਿੱਚ ਦਰਜ ਦੋ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਨੁੱਖੀ ਤਸਕਰਾਂ ਅਤੇ ਅਗਵਾਕਾਰਾਂ ਤੋਂ ਇੰਡੋਨੇਸ਼ੀਆ ਅਤੇ ਸਿੰਗਾਪੁਰ ਵਿੱਚ ਅਗਵਾ ਕੀਤੇ ਗਏ ਦੋ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਬਚਾਇਆ ਗਿਆ ਹੈ ਅਤੇ ਇਸ ਸਬੰਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਪੰਜਾਬ ਵਿੱਚ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਇੰਡੋਨੇਸ਼ੀਆ ਅਤੇ ਸਿੰਗਾਪੁਰ ਵਿੱਚ ਬੈਠੇ ਕਥਿਤ ਮਨੁੱਖੀ ਤਸਕਰ ਅਤੇ ਅਗਵਾਕਾਰਾਂ ਦੇ ਸਰਗਣੇ ਸਨੀ ਕੁਮਾਰ ਵਾਸੀ ਪਿੰਡ ਸਲੈਰੀਆ ਖ਼ੁਰਦ (ਹੁਸ਼ਿਆਰਪੁਰ), ਜੋ ਇਸ ਸਮੇਂ ਇੰਡੋਨੇਸ਼ੀਆ ‘ਚ ਰਹਿੰਦਾ ਹੈ ਤੇ ਜਸਵੀਰ ਸਿੰਘ ਉਰਫ਼ ਸੰਜੇ ਹਾਲ ਵਾਸੀ ਸਿੰਗਾਪੁਰ ਦੀ ਸਹਾਇਤਾ ਨਾਲ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਭੋਲੇ-ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੀ ਟਿਕਟ ਕਟਵਾ ਕੇ ਭੇਜ ਦਿੰਦੇ ਸਨ। ਉੱਥੇ ਸੰਨੀ ਕੁਮਾਰ (ਇੰਡੋਨੇਸ਼ੀਆ) ਅਤੇ ਜਸਵੀਰ ਸਿੰਘ ਉਰਫ਼ ਸੰਜੇ (ਸਿੰਗਾਪੁਰ) ਪੀੜਤ ਵਿਅਕਤੀਆਂ ‘ਤੇ ਤਸ਼ੱਦਦ ਢਾਹੁਣ ਮਗਰੋਂ ਉਨ੍ਹਾਂ ਤੋਂ ਫੋਨ ‘ਤੇ ਮੈਕਸੀਕੋ ਪਹੁੰਚਣ ਦੀ ਗੱਲ ਅਖਵਾਉਂਦਿਆਂ ਘਰਦਿਆਂ ਨੂੰ 40 ਲੱਖ ਰੁਪਏ ਏਜੰਟਾਂ ਨੂੰ ਦੇਣ ਲਈ ਕਹਿੰਦੇ ਸਨ। ਜਿਸ ਮਗਰੋਂ ਉਨ੍ਹਾਂ ਦੇ ਵਾਰਿਸ ਪੰਜਾਬ ਵਿੱਚ ਮਨੁੱਖੀ ਤਸਕਰੀ ਦਾ ਕੰਮ ਕਰਨ ਵਾਲੇ ਏਜੰਟ ਬਲਦੀਸ਼ ਕੌਰ, ਵੀਨਾ, ਸਾਹਿਲ ਭੱਟੀ, ਸੋਮਰਾਜ ਅਤੇ ਗੁਰਜੀਤ ਸਿੰਘ ਉਰਫ਼ ਮੰਗਾ, ਸੋਨੀਆ, ਅਭਿਸ਼ੇਕ, ਮਲਕੀਤ, ਟੋਨੀ, ਭੁਪਿੰਦਰ ਸਿੰਘ ਉਰਫ਼ ਭਿੰਦਾ, ਸੰਦੀਪ ਆੜ੍ਹਤੀਆ ਅਤੇ ਸੁਮਨ ਨਾਲ ਤਾਲਮੇਲ ਕਰਕੇ ਏਜੰਟਾਂ ਵੱਲੋਂ ਦੱਸੀ ਥਾਂ ‘ਤੇ ਪੈਸੇ ਲੈ ਕੇ ਪਹੁੰਚ ਜਾਂਦੇ ਸਨ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਅਜਿਹੇ ਸੈਂਕੜੇ ਨੌਜਵਾਨਾਂ ਨੂੰ ਅਗਵਾ ਕਰਕੇ ਕਰੋੜਾਂ ਰੁਪਏ ਵਸੂਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਈ ਮਨੁੱਖੀ ਤਸਕਰ ਏਜੰਟ ਹਾਲੇ ਫਰਾਰ ਹਨ ਜਿਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …