ਚੰਡੀਗੜ੍ਹ, 5 ਸਤੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐੱਲ) ਘਪਲੇ ਸਬੰਧੀ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਪੀਏਸੀਐੱਲ ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਵੱਖ ਵੱਖ ਧਾਰਾਵਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀਏਸੀਐੱਲ ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈਓਜੀਐੱਮ) 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀਏਸੀਐੱਲ ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਈਓਜੀਐੱਮ ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀਏਸੀਐੱਲ ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ। ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀਏ) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐੱਮਸੀਏ) ਦੀ ਵੈੱਬਸਾਈਟ ‘ਤੇ ਪੀਏਸੀਐੱਲ ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀਏ ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।
ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰਐੱਮ ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀਏਸੀਐੱਲ ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਦੱਸਣਯੋਗ ਹੈ ਕਿ ਪੀਏਸੀਐੱਲ ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀਏਸੀਐੱਲ ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰਐੱਮ ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਗਠਿਨ ਕੀਤੀ ਗਈ ਹੈ।
ਹਾਲ ਹੀ ਵਿੱਚ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀਏਸੀਐੱਲ ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।
The post ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ appeared first on punjabitribuneonline.com.
Source link
Asian Tribune Your Multilingual Newspaper covering World and local news News