Home / Punjabi News / ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫੈਸਲੇ

ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫੈਸਲੇ

ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫੈਸਲੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਕਈ ਹੋਰ ਅਹਿਮ ਫੈਸਲਿਆਂ ’ਤੇ ਵੀ ਮੋਹਰ ਲਗਾਈ ਗਈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਨੂੰ ਪਹਿਲਾਂ ਵਾਲੀ ਬਣਾਈ ਗਈ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ। ਇਸ ਵਿੱਚੋਂ ਅੰਮ੍ਰਿਤਸਰ ਨੂੰ ਕਿਸੇ ਵੀ ਕੀਮਤ ’ਤੇ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਤੱਕ ਵੀ ਪਹੁੰਚ ਕੀਤੀ ਜਾਵੇਗੀ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਪੱਧਰ ’ਤੇ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆ ਬਾਰੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਵਿੱਤੀ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਇਸ ਕਮੇਟੀ ਵੱਲੋਂ ਹੀ ਕੀਤੀ ਜਾਵੇਗੀ।

ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਕੋਰੋਨਾ ਕਾਰਨ ਫਿਲਹਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਅਖ਼ਤਿਆਰੀ ਕੋਟੇ ’ਤੇ ਵੀ ਇੱਕ ਸਾਲ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸਹਾਇਤਾ ਵੀ ਤਿੰਨ ਮਹੀਨੇ ਲਈ ਨਹੀਂ ਦਿੱਤੀ ਜਾਵੇਗੀ।

ਇਕੱਤਰਤਾ ਦੌਰਾਨ ਸ੍ਰੀ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਪੋਥੀਆਂ ਦੀ ਬੇਅਦਬੀ ਸਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …