ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ‘ਚ ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਕਾਲਜਾਂ ਦੇ 1200 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਵਲੋਂ ਸਕੂਲਾਂ/ਕਾਲਜਾਂ ‘ਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਦਾ ਇਹ 15ਵਾਂ ਸੈਮੀਨਾਰ ਹੈ। ਸੈਮੀਨਾਰ ‘ਚ ਉਚੇਚੇ ਤੌਰ ‘ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦਾ ਮਹੱਤਵ ਮਨੁੱਖੀ ਏਕਤਾ ਨੂੰ ਉਜਾਗਰ ਕਰਨ ਵਾਲਾ ਹੈ, ਜਿਸ ਨੂੰ ਵਰਤਮਾਨ ਸਮੇਂ ਅੰਦਰ ਹੋਰ ਵੀ ਸੰਜੀਦਗੀ ਨਾਲ ਸਮਝਣ ਤੇ ਪ੍ਰਚਾਰਨ ਦੀ ਲੋੜ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਪ੍ਰਧਾਨਗੀ ਭਾਸ਼ਣ ‘ਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉੱਚਤਮ ਦਾਰਸ਼ਨਿਕ ਤੇ ਕ੍ਰਾਂਤੀਕਾਰੀ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਨੂੰ ਵਿਸ਼ਵ ਪ੍ਰਸੰਗ ‘ਚ ਵੇਖਣਾ ਚਾਹੀਦਾ ਹੈ। ਪ੍ਰੋ. ਬਡੂੰਗਰ ਨੇ ਮਨੁੱਖ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸਰਵਉੱਚ ਦੱਸਿਆ ਅਤੇ ਇਸ ਦੇ ਧਾਰਨੀ ਬਣਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਆਈਆਂ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸੈਮੀਨਾਰ ‘ਚ ਪੜ੍ਹੇ ਗਏ ਪਰਚਿਆਂ ਤੋਂ ਵਿਦਿਆਰਥੀਆਂ ਨੂੰ ਜੀਵਨ ਸੇਧਾਂ ਪ੍ਰਾਪਤ ਕਰਨ ਲਈ ਜ਼ਰੂਰ ਅਗਵਾਈ ਮਿਲੇਗੀ।
ਇਸ ਤੋਂ ਪਹਿਲਾਂ ਡਾ. ਰੂਪ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ‘ਚ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮਨੁੱਖ ਦੀ ਦਾਰਸ਼ਨਿਕ, ਸਮਾਜਿਕ, ਆਰਥਿਕ, ਰਾਜਨੀਤਕ, ਵਿਗਿਆਨਕ ਤੇ ਮਨੋ-ਵਿਗਿਆਨਕ ਭਾਵ ਹਰ ਪੱਖ ਤੋਂ ਅਗਵਾਈ ਦੇਣ ਵਾਲੀ ਕਰਾਰ ਦਿੱਤਾ। ਸੈਮੀਨਾਰ ਦੌਰਾਨ ਡਾ. ਜਸਬੀਰ ਸਿੰਘ ਸਰਨਾ, ਸ਼ਾਂਤੀ ਨਿਕੇਤਨ ਯੂਨੀਵਰਸਿਟੀ ਬੰਗਾਲ ਤੋਂ ਡਾ. ਸਿਰਾਜੁੱਲ ਇਸਲਾਮ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਗੁਰੂ ਸਾਹਿਬ ਜੀ ਦੀ ਜੀਵਨ ਤੇ ਉਨ੍ਹਾਂ ਦੀ ਬਾਣੀ ਅਧਾਰਿਤ ਖੋਜ ਭਰਪੂਰ ਪਰਚੇ ਪੜ੍ਹੇ ਗਏ। ਉਨ੍ਹਾਂ ਨੇ ਆਪਣੇ ਪਰਚੇ ਰਾਹੀਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਰਗ ਵੰਡ ਤੇ ਸ਼੍ਰੇਣੀ ਵੰਡ ਦੇ ਖਿਲਾਫ ਬੁਲੰਦ ਅਵਾਜ਼ ਉਠਾਉਣ ਵਾਲੇ ਰਹਿਬਰ ਦੱਸਿਆ, ਉਥੇ ਹੀ ਸਿੱਖ ਧਰਮ ਦੀਆਂ ਮਨੁੱਖਤਾ ਖਾਤਿਰ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਉਨ੍ਹਾਂ ਸਿੱਖ ਰਵਾਇਤਾਂ, ਸਿਧਾਂਤਾਂ ਤੇ ਕਦਰਾਂ-ਕੀਮਤਾਂ ਦੀ ਵਿਲੱਖਣਤਾ ਨੂੰ ਵੀ ਉਭਾਰਿਆ। ਬੁਲਾਰਿਆਂ ਦੀ ਸਮਾਂ ਦੇਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਨਿਭਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਪ੍ਰਮੁੱਖ ਸ਼ਖਸੀਅਤਾਂ ਅਤੇ ਬੁਲਾਰਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੈਮੀਨਾਰ ਦੌਰਾਨ ਪਦਮ ਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਬੇਗ ਸਿੰਘ, ਬਾਬਾ ਬੋਹੜ ਸਿੰਘ ਦਮਦਮੀ ਟਕਸਾਲ, ਬਾਬਾ ਹਾਕਮ ਸਿੰਘ ਸਰਹਾਲੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਆਦਿ ਮੌਜੂਦ ਸਨ।
Check Also
CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…
Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …
Asian Tribune Your Multilingual Newspaper covering World and local news News