Home / Punjabi News / ਸਰਕਾਰੀ ਇਮਾਰਤਾਂ ’ਤੇ ਸੋਲਰ ਪੈਨਲ ਲਗਾਉਣ ਲਈ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ: ਅਮਨ ਅਰੋੜਾ

ਸਰਕਾਰੀ ਇਮਾਰਤਾਂ ’ਤੇ ਸੋਲਰ ਪੈਨਲ ਲਗਾਉਣ ਲਈ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ, 6 ਜਨਵਰੀ

ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀਵੀ) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਥੇ ਪੇਡਾ ਭਵਨ ਵਿਖੇ ਇਸ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਰੋੜਾ ਨੇ ਸਬੰਧਤ ਵਿਭਾਗਾਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਲਈ ਆਪਣੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੋਲਰਾਈਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਵੀਡੀਓ ਕਾਨਫਰੰਸ ਵਿੱਚ ਮੰਤਰੀ ਨੇ ਦੱਸਿਆ ਕਿ ਇਹ ਅਹਿਮ ਪ੍ਰਾਜੈਕਟ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਅਧੀਨ ਲਾਗੂ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀਵੀ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਅਤੇ ਗਰੀਨ ਊਰਜਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸਬੰਧਤ ਵਿਭਾਗਾਂ ਦੇ ਬਿਜਲੀ ਬਿੱਲਾਂ ਦੇ ਵਿੱਤੀ ਬੋਝ ਨੂੰ ਤਕਰੀਬਨ 40 ਤੋਂ 50 ਫ਼ੀਸਦ ਘਟਾ ਦੇਣਗੇ ਅਤੇ ਬੱਚਤ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਉਤੇ ਖ਼ਰਚ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ-ਕਮ-ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਸ ਕ੍ਰਾਂਤੀਕਾਰੀ ਕਦਮ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਿੱਧੇ ਅਤੇ ਅਸਿੱਧੇ ਰੋਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ।


Source link

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …