Home / Punjabi News / ਸੁਖਬੀਰ ਬਾਦਲ ਵਲੋਂ ਝਾਰਖੰਡ ਦੇ ਮੁੱਖ ਮੰਤਰੀ ਨੂੰ ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੋਲ੍ਹਣ ਦੀ ਅਪੀਲ

ਸੁਖਬੀਰ ਬਾਦਲ ਵਲੋਂ ਝਾਰਖੰਡ ਦੇ ਮੁੱਖ ਮੰਤਰੀ ਨੂੰ ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੋਲ੍ਹਣ ਦੀ ਅਪੀਲ

ਸੁਖਬੀਰ ਬਾਦਲ ਵਲੋਂ ਝਾਰਖੰਡ ਦੇ ਮੁੱਖ ਮੰਤਰੀ ਨੂੰ ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੋਲ੍ਹਣ ਦੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਅਪੀਲ ਕੀਤੀ ਹੈ ਕਿ ਉੁਹ 1984 ‘ਚ ਬੋਕਾਰੋ ਅੰਦਰ ਹੋਏ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਜਾਂ ਇਨ੍ਹਾਂ ਨੂੰ ਸੀ. ਬੀ. ਆਈ. ਨੂੰ ਸੌਂਪ ਦੇਣ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਹੈ ਕਿ ਅਕਾਲੀ ਦਲ ਇਨ੍ਹਾਂ ਕੇਸਾਂ ਦੇ ਅਧਿਐਨ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੀ ਇਕ ਟੀਮ ਭੇਜੇਗਾ ਅਤੇ ਉਸ ਤੋਂ ਬਾਅਦ ਇਸ ਮਾਮਲੇ ਨੂੰ ਉਚ ਪੱਧਰ ‘ਤੇ ਉਠਾਇਆ ਜਾਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਦੇ ਸੰਬੰਧ ‘ਚ ਝਾਰਖੰਡ ‘ਚ ਬੋਕਾਰੋ ਵਿਖੇ ਇਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ 1984 ‘ਚ ਕਾਂਗਰਸੀ ਗੁੰਡਿਆਂ ਦੇ ਇਸ਼ਾਰੇ ‘ਤੇ 100 ਤੋ ਵੱਧ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਮਨੁੱਖਤਾ ਵਿਰੁੱਧ ਕੀਤੇ ਇਸ ਸੰਗੀਨ ਅਪਰਾਧ ਲਈ ਹੁਣ ਤਕ ਇਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਝਾਰਖੰਡ ਦੇ ਮੁੱਖ ਮੰਤਰੀ ਨੂੰ 1984 ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਵਾਸਤੇ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਦੀ ਅਪੀਲ ਕਰਦਾ ਹਾਂ ਤਾਂ ਕਿ ਸਾਰੇ ਕੇਸਾਂ ਦੀ ਮੁੜ ਜਾਂਚ ਕਰਕੇ ਕਿਸੇ ਤਰਕਸੰਗਤ ਨਤੀਜੇ ‘ਤੇ ਪਹੁੰਚਿਆ ਜਾ ਸਕੇ। ਉਨ੍ਹਾਂ ਸਿੱਖਾਂ ‘ਤੇ ਹੋਏ ਸਾਰੇ ਅੱਤਿਆਚਾਰਾਂ ਦਾ ਇਨਸਾਫ਼ ਲੈਣ ਲਈ ਸਾਰੀ ਸਿੱਖ ਸੰਗਤ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕਜੁਟ ਹੋਣ ਦੀ ਅਪੀਲ ਕੀਤੀ।
ਹਰ ਪੀੜਤ ਪਰਿਵਾਰ ਨੂੰ ਦਿਵਾਇਆ ਇਨਸਾਫ ਜਾਵੇਗਾ
ਦਿੱਲੀ ਅਤੇ ਕਾਨਪੁਰ ਵਿਖੇ ਵਾਪਰੇ ਅਜਿਹੇ ਕੇਸਾਂ ਬਾਰੇ ਬੋਲਦਿਆਂ ਬਾਦਲ ਨੇ ਕਿਹਾ ਕਿ ਐਨ. ਡੀ. ਏ. ਦੀ ਸਰਕਾਰ ਵਲੋਂ ਸੱਜਣ ਕੁਮਾਰ ਵਰਗੇ ਵੱਡੇ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗਿਆਂ ਖ਼ਿਲਾਫ ਚੱਲਦੇ ਕੇਸਾਂ ਦਾ ਤੇਜ਼ੀ ਨਾਲ ਨਿਬੇੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤਕ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਇਸ ਘਿਨੌਣੇ ਅਪਰਾਧ ਲਈ ਅਦਾਲਤਾਂ ਵਲੋਂ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ, ਸਿੱਖਾਂ ਦੇ ਮਨ ‘ਚੋਂ ਗੁੱਸਾ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਪੀੜਤ ਪਰਿਵਾਰ ਦੀ ਲੜਾਈ ਲੜਾਂਗੇ ਅਤੇ ਉਨ੍ਹਾਂ ਨੂੰ ਹਰ ਕੀਮਤ ‘ਤੇ ਇਨਸਾਫ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਪਰੀਮ ਕੋਰਟ ਦੇ ਵਕੀਲਾਂ ਦੀ ਇਕ ਟੀਮ ਭੇਜੇਗਾ ਤਾਂ ਕਿ 1984 ਕਤਲੇਆਮ ਦੇ ਸਾਰੇ ਕੇਸਾਂ ਦਾ ਚੰਗੀ ਤਰ੍ਹਾਂ ਅਧਿਐਨ ਕੀਤਾ ਜਾ ਸਕੇ।
9 ਨਵੰਬਰ ਨੂੰ ਸ਼ਰਧਾਲੂਆਂ ਲਈ ਖੁੱਲ੍ਹੇਗਾ ਕਰਤਾਰਪੁਰ ਲਾਂਘਾ
ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਪੁੱਛੇ ਜਾਣ ‘ਤੇ ਸੁਖਬੀਰ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਨੂੰ ਇਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਨਾਲ ਸਾਰੇ ਸ਼ਰਧਾਲੂਆਂ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਅਸਥਾਨ ਪਾਕਿਸਤਾਨ ‘ਚ ਪੈਂਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਵਾਸਤੇ ਰਾਹ ਖੁੱਲ੍ਹ ਜਾਵੇਗਾ। ਇਸ ਦੇ ਨਾਲ ਹੀ ਸੁਖਬੀਰ ਨੇ ਪਾਕਿਸਤਾਨੀ ਅਧਿਕਾਰੀਆਂ ਵਲੋਂ ਇਸ ਪਵਿੱਤਰ ਅਸਥਾਨ ‘ਤੇ ਜਾਣ ਵਾਲੇ ਹਰ ਸ਼ਰਧਾਲੂ ਕੋਲੋਂ 20 ਡਾਲਰ ਫੀਸ ਵਸੂਲਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਫੀਸ ਬਿਲਕੁਲ ਬੇਤੁਕੀ ਹੈ ਅਤੇ ਤੁਰੰਤ ਵਾਪਸ ਲੈਣੀ ਚਾਹੀਦੀ ਹੈ।
ਅਕਾਲੀ ਦਲ ਪ੍ਰਧਾਨ ਨੇ ਬੋਕਾਰੋ ਦੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ‘ਚ ਭਾਗ ਲੈਣ ਲਈ ਪਵਿਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੇ ਬੱਚਿਆਂ ਨੂੰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਬਣਾਈਆਂ ਯਾਦਗਾਰਾਂ ਵਿਖਾ ਕੇ ਉੁਨ੍ਹਾਂ ਨੂੰ ਅਮੀਰ ਸਿੱਖ ਵਿਰਾਸਤ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਰਾਸਤੇ-ਖਾਲਸਾ ਅਤੇ ਬਾਕੀ ਯਾਦਗਾਰਾਂ ਵਿਖਾਉ, ਇਹ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣਗੀਆਂ। ਇਸ ਦੌਰਾਨ ਸਵੇਰੇ ਰਾਂਚੀ ਵਿਖੇ ਝਾਰਖੰਡ ਦੇ ਸਿੱਖਾਂ ਦਾ ਇੱਕ ਵਫ਼ਦ ਅਕਾਲੀ ਦਲ ਪ੍ਰਧਾਨ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਸੂਬੇ ਅੰਦਰ ਪਾਰਟੀ ਦਾ ਇੱਕ ਯੂਨਿਟ ਸਥਾਪਤ ਕਰਕੇ ਅਕਾਲੀ ਦਲ ਦਾ ਵਿਸਥਾਰ ਕਰਨ ਦੀ ਅਪੀਲ ਕੀਤੀ। ਉਹਨਾਂ ਨੂੰ ਅਕਾਲੀ ਦਲ ਨੂੰ ਅਜਿਹੀ ਇਕਲੌਤੀ ਸਿਆਸੀ ਪਾਰਟੀ ਦੱਸਿਆ, ਜਿਹੜੀ ਪੂਰੇ ਦੇਸ਼ ਅੰਦਰ ਸਿੱਖਾਂ ਦੀ ਨੁੰਮਾਇਦਗੀ ਕਰਦੀ ਹੈ।

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …