Home / Punjabi News / ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ

ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ

ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਸਤੰਬਰ
ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ’ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ‌ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀਐੱਸਟੀ ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਗਾਹਕਾਂ ਨੂੰ ਬਿੱਲ ਲੈਣ ਲਈ ਉਤਸ਼ਾਹਿਤ ਕਰਕੇ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਖਪਤਕਾਰਾਂ ਨੂੰ ਕੋਈ ਵੀ ਸਾਮਾਨ ਖਰੀਦਣ ਮੌਕੇ ਵਿਕਰੇਤਾ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਲਈ ਜਾਰੀ ਕੀਤੀ ਗਈ ਹੈ। ‘ਮੇਰਾ ਬਿੱਲ’ ਐਪ ਐਂਡਰਾਇਡ ਫੋਨ ਲਈ ਗੂਗਲ ਪਲੇਅ ਸਟੋਰ ਅਤੇ ਐਪਲ ਲਈ ਐਪ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋ ਜਾਣਗੇ ਅਤੇ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਕੱਢਿਆ ਜਾਵੇਗਾ। ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣੇ ਹਨ ਅਤੇ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਯੋਗ ਰਕਮ ਦੇ ਪੰਜ ਗੁਣਾਂ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਦੇ ਰਾਹੀਂ ਸੂਚਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਇਹ ਸਕੀਮ ਲੋਕਾਂ ਲਈ ਬਣਾਈ ਗਈ ਹੈ ਅਤੇ ਇਸ ਜ਼ਰੀਏ ਸਰਕਾਰ ਟੈਕਸ ਚੋਰੀ ਵੀ ਰੋਕ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੈਕਸ ਕਾਨੂੰਨਾਂ ਦਾ ਪਾਲਣ ਕਰਨ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ ਜਿਸ ਨਾਲ ਉਹ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨਗੇ। ਇਸ ਮੌਕੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਸੁਨੀਤਾ ਬੱਤਰਾ ਵੀ ਹਾਜ਼ਰ ਸਨ।

The post ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ appeared first on punjabitribuneonline.com.


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …