Home / Punjabi News / ਦਿੱਲੀ ਕਮੇਟੀ ਦਾ ਵਫਦ ਪਾਕਿ ਹਾਈ ਕਮਿਸ਼ਨ ਨੂੰ ਮਿਲਿਆ

ਦਿੱਲੀ ਕਮੇਟੀ ਦਾ ਵਫਦ ਪਾਕਿ ਹਾਈ ਕਮਿਸ਼ਨ ਨੂੰ ਮਿਲਿਆ

ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਇੱਥੇ ਪਾਕਿਸਤਾਨੀ ਹਾਈ ਕਮਿਸ਼ਨ ਨੂੰ ਮਿਲਿਆ। ਹਾਈ ਕਮਿਸ਼ਨ ਅਧਿਕਾਰੀ ਸਈਅਦ ਹੈਦਰ ਸ਼ਾਹ ਨੂੰ ਮਿਲਣ ਤੋਂ ਬਾਅਦ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਸਾਂਝੇ ਤੌਰ ‘ਤੇ ਇਕ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਦਿੱਲੀ ਤੋਂ ਆਰੰਭ ਕਰ ਕੇ ਪੰਜਾਬ ਤੋਂ ਹੁੰਦਾ ਹੋਇਆ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਅਤੇ ਹੋਰ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਤੱਕ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ 2 ਨਵੰਬਰ ਤੋਂ 5 ਨਵੰਬਰ ਤੱਕ ਚੱਲੇਗਾ।
ਦਿੱਲੀ ਕਮੇਟੀ ਪ੍ਰਧਾਨ ਨੇ ਇਸ ਗੱਲ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ ਕਿ ਦੋਹਾਂ ਮੁਲਕਾਂ ‘ਚ ਤਣਾਅ ਦੀ ਸਥਿਤੀ ਦੇ ਬਾਵਜੂਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਸਬੰਧੀ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਨਗਰ ਕੀਰਤਨ ਲਈ ਬਹੁਤ ਉਤਸਾਹ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਤਿਆਰ ਕਰਨ ਵਾਸਤੇ ਵੀ ਅਸੀਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਅਤਿ ਧੰਨਵਾਦੀ ਹਾਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਅਸੀਂ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੂੰ ਮਿਲੇ ਹਾਂ ਤੇ ਉਨ੍ਹਾਂ ਸਾਡੀ ਗੱਲ ਬਹੁਤ ਹੀ ਚੰਗੇ ਢੰਗ ਨਾਲ ਸੁਣੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਦੇ ਹਾਈ ਕਮਿਸ਼ਨ ਤੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦੇ ਪਾਕਿਸਤਾਨ ਵਿਚ ਦਾਖਲੇ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਕਿ ਅਧਿਕਾਰੀਆਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਗੁਰੂ ਨਾਨਕ ਨਾਮ ਲੇਵਾ ਚਾਹੁੰਦਾ ਹੈ ਕਿ ਪਾਕਿ ਵਿਚਲੇ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣ, ਇਸ ਲਈ ਘੱਟ ਤੋਂ ਘੱਟ 500 ਅਤੇ ਵੱਧ ਤੋਂ ਵੱਧ 1000 ਸ਼ਰਧਾਲੂਆਂ ਨੂੰ ਹਰ ਮਹੀਨੇ ਜੁਲਾਈ ਤੋਂ ਅਕਤੂਬਰ ਤੱਕ ਵੀਜ਼ੇ ਜਾਰੀ ਕੀਤੇ ਜਾਣ। ਪਾਕਿਸਤਾਨੀ ਦੂਤ ਘਰ ਤੋਂ ਇਨ੍ਹਾਂ ਸ਼ਰਧਾਲੂਆਂ ਦੇ ਰਹਿਣ ਦੇ ਬੰਦੋਬਸਤ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ। ਕਾਲਕਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਿਖੇ 10 ਤੋਂ 12 ਨਵੰਬਰ ਤੱਕ ਮਨਾਏ ਜਾਣੇ ਹਨ ਤੇ ਉਸ ਤੋਂ ਪਹਿਲਾਂ ਪੰਜ ਦਿਨਾ ਨਗਰ ਕੀਰਤਨ ਦੀ 5 ਨਵੰਬਰ ਨੂੰ ਸਮਾਪਤੀ ਹੋਵੇਗੀ। ਇਸ ਸਮੇਂ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨੀ ਅਧਿਕਾਰੀਆਂ ਨਾਲ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ 11 ਮੈਂਬਰੀ ਵਫ਼ਦ ਦੀ ਮੀਟਿੰਗ ਤੈਅ ਕਰਵਾਉਣ ਦੀ ਵੀ ਮੰਗ ਕੀਤੀ ਗਈ।

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …