ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਫਰਵਰੀ
ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਹੋਣਗੀਆਂ। ਇਹ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦਿੰਦਿਆਂ ਕਿਹਾ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਿੰਗ 2 ਮਾਰਚ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਸ੍ਰੀ ਚੌਧਰੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17 ਫਰਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਤਰੀਕ 17 ਫਰਵਰੀ ਤੋਂ 20 ਫਰਵਰੀ ਤੱਕ ਤੈਅ ਕੀਤੀ ਗਈ ਹੈ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਨੇ ਤਰਨਤਾਰਨ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇ। ਇਸ ਦੌਰਾਨ ਪੁਲੀਸ ਵੱਲੋਂ ਵੀ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾਵੇਗੀ।
Source link
Asian Tribune Your Multilingual Newspaper covering World and local news News